ਮਾਨਸਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ( Former CM Charanjit Singh Channi ) ਆਪਣੇ ਵਿਦੇਸ਼ ਦੌਰੇ ਤੋਂ ਪਰਤਣ ਮਗਰੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ( sidhu-moosewalas-parents ) ਨੂੰ ਮਿਲਣ ਉਹਨਾਂ ਦੇ ਪਿੰਡ ਮੂਸੇਵਾਲਾ ਪਹੁੰਚੇ।
ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੂਸੇ ਰਾਤ ਕੱਟੀ ਹੈ। ਇਸ ਸਬੰਧੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਲ ਹੀ ਵਿੱਚ ਵਿਦੇਸ਼ ਦੇ ਦੌਰੇ ਤੋਂ ਮੁੜ ਪੰਜਾਬ ਪਰਤੇ ਹਨ।
ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਪਿੰਡ ਮੂਸੇ ਵਿਖੇ ਰਾਤ ਕੱਟੀ
…
Spent the night at Village Moosa with Sidhu Moosewala's parents pic.twitter.com/kTqMUoLRDs— Charanjit Singh Channi (@CHARANJITCHANNI) December 21, 2022
ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ, ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਸੰਮਨ ਸੌਂਪੇ। ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਆਈ.ਪੀ.ਸੀ ਦੀ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸੌਂਪਿਆ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਵਿੱਚ ਦਰਜ ਹੋਏ ਕੇਸ ਦੇ ਸਬੰਧ ਵਿੱਚ ਚਰਨਜੀਤ ਸਿੰਘ ਚੰਨੀ ਨੂੰ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।
ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਵਿੱਚ ਸਾਬਕਾ ਸੀਐਮ ਚੰਨੀ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਲਈ ਪ੍ਰਿਅੰਕਾ ਗਾਂਧੀ ਨੂੰ ਵਧਾਈ ਦਿੱਤੀ। ਇਹ ਜਾਣਕਾਰੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਆਪਣੇ ਟਵਿੱਟਰ ‘ਤੇ ਦਿੱਤੀ ਸੀ।
ਦੋਵਾਂ ਸੀਟਾਂ ਹਾਰਨ ਤੋਂ ਬਾਅਦ ਗਾਇਬ ਹੋ ਗਏ ਸੀ ਚੰਨੀ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਅਤੇ ਆਪਣੀਆਂ ਦੋਵੇਂ ਸੀਟਾਂ ਹਾਰਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਇਸ ਹੱਦ ਤੱਕ ਗਾਇਬ ਹੋ ਗਏ ਕਿ ਮੁੜ ਕਦੇ ਨਜ਼ਰ ਨਹੀਂ ਆਏ। ਲੰਮੇ ਸਮੇਂ ਤੱਕ ਸਿਆਸਤ ਤੋਂ ਦੂਰ ਰਹਿਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਨਜ਼ਰ ਆਏ ਹਨ। ਰਾਤੋ ਰਾਤ ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸੀਟ ਨਹੀਂ ਜਿੱਤ ਸਕੇ। ਹਾਲਾਂਕਿ ਇਸ ਹਾਰ ਤੋਂ ਬਾਅਦ ਵੀ ਚੰਨੀ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋਈਆਂ ਕਿਉਂਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਦੇ ਹੀ ਚਰਨਜੀਤ ਚੰਨੀ ਨੂੰ ਰੇਤ ਮਾਈਨਿੰਗ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਅਤੇ ਕਰੀਬ 6 ਘੰਟੇ ਪੁੱਛਗਿੱਛ ਵੀ ਕੀਤੀ ਗਈ ਸੀ।
ਪੰਜਾਬ ਚੋਣਾਂ ਵਿੱਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਚੰਨੀ ਨੇ ਪਾਰਟੀ ਆਗੂਆਂ ਤੋਂ ਦੂਰੀ ਬਣਾ ਲਈ ਅਤੇ ਉਨ੍ਹਾਂ ਨਾਲ ਕੋਈ ਮੀਟਿੰਗ ਵੀ ਨਹੀਂ ਕੀਤੀ। ਪਾਰਟੀ ਦੇ ਕਈ ਆਗੂਆਂ ਨੇ ਚੰਨੀ ਦਾ ਵਿਰੋਧ ਵੀ ਕੀਤਾ ਪਰ ਉਨ੍ਹਾਂ ਦੇ ਪੱਖ ਤੋਂ ਕੋਈ ਪ੍ਰਤੀਕਿਰਿਆ ਨਹੀਂ ਆਈ।