‘ਦ ਖਾਲਸ ਬਿਊਰੋ:ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਦੇ ਇੱਕ ਹੋਰ ਸਾਬਕਾ ਮੰਤਰੀ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਮੰਡਰਾ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਚੰਨੀ ਸਰਕਾਰ ਵਿੱਚ ਮੰਤਰੀ ਰਹੇ ਸੰਗਤ ਸਿੰਘ ਗਿਲਜੀਆ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਗਿਲਜੀਆ ਨੇ ਆਪਣੇ ਖਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਕਿਹਾ ਕਿ ਇਹ ਅਰਜੈਂਟ ਪਟੀਸ਼ਨ ਨਹੀਂ ਹੈ। ਅਦਾਲਤ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਨਾਲ ਹੀ ਜ਼ਮਾਨਤ ਲੈਣ ਲਈ ਹਾਈਕੋਰਟ ਨੇ ਗਿਲਜੀਆ ਨੂੰ ਕੁਝ ਨਿਰਦੇਸ਼ ਵੀ ਜਾਰੀ ਕੀਤੇ ਹਨ। ਗ੍ਰਿਫ਼ਤਾਰੀ ਤੋਂ ਬਚਣ ਦੇ ਲਈ ਗਿਲਜੀਆ ਪਹਿਲਾਂ ਹੀ ਅੰਡਰ ਗਰਾਊਂਡ ਹੋ ਚੁੱਕੇ ਹਨ।
ਪੰਜਾਬ ਹਰਿਆਣਾ ਹਾਈਕੋਰਟ ਨੇ ਸੰਗਤ ਸਿੰਘ ਗਿਲਜੀਆ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਕੇਸ ਨੂੰ ਫੌਰਨ ਸੁਣਵਾਈ ਤੋਂ ਇਨਕਾਰ ਕਰਦੇ ਹੋਏ ਨਿਰਦੇਸ਼ ਦਿੱਤੇ ਹਨ ਕਿ ਜੇਕਰ ਉਨ੍ਹਾਂ ਨੂੰ ਅਗਾਊ ਜ਼ਮਾਨਤ ਚਾਹੀਦੀ ਹੈ ਤਾਂ ਉਹ ਹੇਠਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਦਾ ਡਰ ਸਤਾ ਰਿਹਾ ਹੈ।