ਚੰਡੀਗੜ੍ਹ : ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੀ ਅੱਜ ਮੌਤ ਹੋ ਗਈ ਹੈ। ਉਹ ਪੀਜੀਆਈ ਚੰਡੀਗੜ੍ਹ ‘ਚ ਦਾਖਲ ਸਨ ਤੇ ਅੱਜ ਸਵੇਰੇ 11 ਵਜੇ ਉਨ੍ਹਾਂ ਆਖ਼ਰੀ ਸਾਹ ਲਿਆ। ਉਹ ਬੀਤੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਬੀਰ ਦਵਿੰਦਰ ਸਿੰਘ ਪੰਜਾਬ ਵਿਧਾਨ ਸਭਾ ਵਿੱਚ 2003 ਤੋਂ 2004 ਤਕ ਡਿਪਟੀ ਸਪੀਕਰ ਰਹੇ। ਬੀਰ ਦਵਿੰਦਰ 2019 ਲੋਕ ਸਭਾ ਚੋਣਾਂ ‘ਚ ਅਕਾਲੀ ਦਲ ਟਕਸਾਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਸਨ ।
ਉਹ ਆਲ ਇੰਡੀਆ ਸਿੱਖ ਫੈਂਡਰੇਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਅਕਾਲੀ ਦਲ, ਪੀਪੀਪੀ, ਤੇ ਕਾਂਗਰਸ ਦਾ ਹਿੱਸਾ ਰਹੇ ਚੁੱਕੇ ਹਨ। ਉਹ 1980 ‘ਚ ਪਹਿਲੀ ਵਾਰ ਵਿਧਾਇਕ ਬਣੇ ਸਨ। ਬੀਰ ਦਵਿੰਦਰ ਚੰਗੇ ਬੁਲਾਰੇ ਵਜੋਂ ਵੀ ਜਾਣੇ ਜਾਂਦੇ ਸਨ।
ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਕ ਵਧੀਆ ਸਿਆਸਤਦਾਨ ਸਨ ਤੇ ਉਨ੍ਹਾਂ ਨੂੰ ਵਿਧਾਨ ਸਭਾ ਦੀ 2002-07 ਦੀ ਸਰਕਾਰ ਦੌਰਾਨ ਸਰਵਉਤਮ ਸੰਸਦ ਮੈਂਬਰ ਦਾ ਖਿਤਾਬ ਵੀ ਮਿਲਿਆ ਸੀ।
ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਬੀਰ ਦਵਿੰਦਰ ਸਿੰਘ ਦੀ ਮੌਤ ‘ਤੇ ਦੁੱਕ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸਾਬਕਾ ਡਿਪਟੀ ਸਪੀਕਰ ਸ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪੰਜਾਬ ਬਾਰੇ ਆਪਣੀ ਡੂੰਘੀ ਜਾਣਕਾਰੀ, ਉਸਦੀ ਨਿਮਰਤਾ ਅਤੇ ਨਿਰਸਵਾਰਥ ਸੇਵਾ ਲਈ ਮਸ਼ਹੂਰ ਸੀ। ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਵਾਹਿਗੁਰੂ ਜੀ ਵਿਛੜੀਆਂ ਰੂਹਾਂ ਨੂੰ ਚਰਨਾ ਚ ਨਿਵਾਸ ਬਖਸ਼ਣ… ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਾਟਾਿਆ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਕਾਬਿਲ ਬੁਲਾਰੇ ਅਤੇ ਅਨੁਭਵੀ ਤੇ ਚਿੰਤਨਸ਼ੀਲ ਸਖਸ਼ੀਅਤ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਅਫ਼ਸੋਸ ਹੋਇਆ। ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।