India Punjab

ਪੰਜਾਬ ਦੇ ਸਾਬਕਾ IG ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਇਸ ਧਾਰਮਿਕ ਕਮੇਟੀ ਵੱਲੋਂ ਕੀਤਾ ਜਾਵੇਗਾ ਸਨਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ 30 ਅਪ੍ਰੈਲ ਨੂੰ ਸਵੇਰੇ 11 ਵਜੇ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਫੁਹਾਰੇ ਦੇ ਕੋਲ ਖੁੱਲ੍ਹੀ ਜਗ੍ਹਾ ‘ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਉਨ੍ਹਾਂ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਤੋਂ ਖੁਸ਼ ਹੋ ਕੇ ਉਨ੍ਹਾਂ ਦਾ ਗੋਲਡ ਮੈਡਲ ਨਾਲ ਸਨਮਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਤਲਕਾਂਡ ਵਿੱਚ ਦੋਸ਼ੀ ਲੋਕ ਪਹਿਲੇ ਦਿਨ ਤੋਂ ਹੀ ਘਬਰਾਹਟ ਵਿੱਚ ਸਨ ਅਤੇ ਉਹ ਇੱਕ ਨਿਡਰ ਅਤੇ ਬੇਬਾਕ ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣਾ ਚਾਹੁੰਦੇ ਸਨ।

ਇਹ ਸਨਮਾਨ ਸਮੁੱਚੇ ਸਿੱਖ ਪੰਥ ਅਤੇ ਇਨਸਾਫ਼ ਪਸੰਦ ਲੋਕਾਂ,  ਸ਼ਹੀਦ ਪਰਿਵਾਰਾਂ, ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਉੱਤੇ ਦਿੱਤਾ ਜਾਵੇਗਾ। ਇਸ ਵਿੱਚ ਸਿੱਖ ਪੰਥ ਦੀਆਂ ਸਮੂਹ ਸਿੱਖ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ ਫੈਡਰੇਸ਼ਨਾਂ, ਅਕਾਲੀ ਦਲ ਸੰਪਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਸਭਾ ਸੁਸਾਇਟੀਆਂ ਅਤੇ ਸਮੂਹ ਧਰਮਾਂ ਦੇ ਇਨਸਾਫ਼ਪਸੰਦ ਲੀਡਰ ਸ਼ਾਮਲ ਹੋਣਗੇ। ਦਾਦੂਵਾਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖ ਸੰਗਤਾਂ ਦਾ ਵੱਡਾ ਇਕੱਠ ਨਹੀਂ ਸੱਦਿਆ ਗਿਆ। ਸਿਰਫ਼ ਜਥੇਬੰਦੀਆਂ ਦੇ ਲੀਡਰ ਸਹਿਬਾਨ ਹੀ ਪਹੁੰਚ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਨਮਾਨ ਕਰਨਗੇ।

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਤਾਜ਼ਾ ਘਟਨਾਕ੍ਰਮ ਵਿੱਚ ਬਾਦਲ-ਕੈਪਟਨ ਦੀ ਮਿਲੀਭੁਗਤ ਸਾਹਮਣੇ ਆਈ ਹੈ, ਜਿਸਨੇ ਨਿਆਂਪਾਲਿਕਾ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆਂਦਾ ਹੈ, ਜਿਸ ਕਰਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਟੀਮ ਵੱਲੋਂ ਇਮਾਨਦਾਰੀ ਅਤੇ ਸਖ਼ਤ ਮਿਹਨਤ ਨਾਲ ਤਿਆਰ ਕੀਤੀ ਹੋਈ ਨਿਰਪੱਖ ਰਿਪੋਰਟ ਨੂੰ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਇਨਸਾਫ਼ ਦੀ ਉਡੀਕ ਕਰ ਰਹੇ ਸ਼ਹੀਦ ਪਰਿਵਾਰਾਂ, ਪੰਥ ਅਤੇ ਸਮੁੱਚੇ ਇਨਸਾਫ਼ ਪਸੰਦ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ।