International

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਅਦਾਲਤ ‘ਚ ਪੇਸ਼ੀ,ਦੇਸ਼ ਵਿੱਚ ਇੰਟਰਨੈਟ ਸੇਵਾਵਾਂ ਬੰਦ,ਫੌਜ ਦੇ ਹਵਾਲੇ ਪੰਜਾਬ

ਇਸਲਾਮਾਬਾਦ :ਤੋਸ਼ਾਖਾਨਾ ਕੇਸ ਵਿੱਚ ਇਮਰਾਨ ਖਾਨ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ  ਤੇ  ਇੱਕ ਹੋਰ ਕੇਸ ਵਿੱਚ ਉਹਨਾਂ ਨੂੰ ਅੱਠ ਦਿਨ ਦੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪੁਲਿਸ ਲਾਈਨ ਇਸਲਾਮਾਬਾਦ ਵਿਖੇ ਹੋਈ ਵਿਸ਼ੇਸ਼ ਸੁਣਵਾਈ ਦੌਰਾਨ ਜ਼ਿਲ੍ਹਾ ਅਦਾਲਤ ਦੇ ਜੱਜ ਹੁਮਾਯੂੰ ਦਿਲਾਵਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦੋਸ਼ੀ ਕਰਾਰ ਦੇਣ ਦਾ ਫ਼ੈਸਲਾ ਸੁਣਾਇਆ |ਜਦੋਂ ਇਮਰਾਨ ਖ਼ਾਨ ਨੂੰ ਉਸ ‘ਤੇ ਲੱਗੇ ਦੋਸ਼ ਪੜ੍ਹ ਕੇ ਸੁਣਾਏ ਗਏ ਤਾਂ ਉਸ ਨੇ ਦਸਤਾਵੇਜ਼ਾਂ ‘ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ।

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਭ੍ਰਿਸ਼ਟਾਚਾਰ ਦੇ ਜੁੜੇ ਮਾਮਲੇ ਵਿੱਚ ਸੁਣਵਾਈ ਲਈ ਸਖ਼ਤ ਪੁਲਿਸ ਸੁਰੱਖਿਆ ਹੇਠ ਉਸੇ ਥਾਂ ‘ਤੇ ਬਣਾਈ ਗਈ ਆਰਜ਼ੀ ਅਦਾਲਤ ‘ਚ ਪੇਸ਼ ਕੀਤਾ ਗਿਆ,ਜਿਥੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਗ੍ਰਿਫਤਾਰ ਕਰਨ ਤੋਂ ਬਾਅਦ ਇਮਰਾਨ ਖਾਨ ਨੂੰ ਇਸਲਾਮਾਬਾਦ ਪੁਲਿਸ ਲਾਈਨਜ਼ ਵਿੱਚ ਸਲਾਖਾਂ ਪਿੱਛੇ ਬੰਦ ਕੀਤਾ ਗਿਆ ਹੈ ਤੇ ਸੁਰੱਖਿਆ ਕਾਰਨਾਂ ਕਰਕੇ ਉਥੇ ਹੀ ਪੁਲਿਸ ਗੈਸਟ ਹਾਊਸ ਵਿੱਚ ਜੱਜਾਂ ਨੂੰ ਬੁਲਾ ਕੇ ਸੁਣਵਾਈ ਹੋਈ, ਯਾਨਿ ਕਿ ਵਿਸ਼ੇਸ਼ ਸੁਣਵਾਈ ਲਈ ਇਸ ਥਾਣੇ ਦੇ ਨਵੇਂ ਗੈਸਟ ਹਾਊਸ ਨੂੰ ਹੀ ਆਰਜ਼ੀ ਅਦਾਲਤ ਦਾ ਦਰਜਾ ਦਿੱਤਾ ਗਿਆ, ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕਾਨੂੰਨੀ ਟੀਮ ਨੂੰ ਵੀ ਕੇਸ ਦੀ ਸੁਣਵਾਈ ਤੋਂ ਪਹਿਲਾਂ ਖਾਨ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ, ਖਾਨ ਪਹਿਲੀ ਵਾਰ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਦੇ ਸਾਹਮਣੇ ਪੇਸ਼ ਹੋਏ, ਜੱਜ ਨੇ ਦੋਨਾਂ ਪੱਖਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਅਲ-ਕਾਦਿਰ ਟਰੱਸਟ ਗਬਨ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਐਨਏਬੀ ਨੇ ਖਾਨ ਦੀ 14 ਦਿਨਾਂ ਦੇ ਰਿਮਾਂਡ ਦੀ ਮੰਗ ਵੀ ਕੀਤੀ ਸੀ।

ਇਸ ਵਿਸ਼ੇਸ਼ ਸੁਣਵਾਈ ਲਈ ਇਸ ਨੂੰ ਆਰਜ਼ੀ ਤੌਰ ‘ਤੇ ਅਦਾਲਤ ਦਾ ਦਰਜਾ ਦਿੱਤਾ ਗਿਆ ਸੀ । ਅਜਿਹਾ ਮੰਨਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਅਜਿਹਾ ਕੀਤਾ ਗਿਆ।

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕਾਨੂੰਨੀ ਟੀਮ ਨੂੰ ਆਖਰਕਾਰ ਉਨ੍ਹਾਂ ਦੇ ਕੇਸ ਦੀ ਸੁਣਵਾਈ ਤੋਂ ਪਹਿਲਾਂ ਉਹਨਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਐਨਏਬੀ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ।

ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਗ੍ਰਹਿ ਮੰਤਰਾਲੇ ਨੇ ਦੇਸ਼ ਵਿੱਚ ਮੋਬਾਈਲ ਬ੍ਰਾਡਬੈਂਡ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ।ਇਸ ਤੋਂ ਇਲਾਵਾ ਮੁਲਕ ਦੇ ਪੰਜਾਬੀ ਸੂਬੇ ਵਿੱਚ ਹਾਲਾਤਾਂ ਨੂੰ ਕਾਬੂ ਕਰਨ ਲਈ ਫੌਜ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੰਜਾਬ ਸੂਬੇ ਦੇ ਗ੍ਰਹਿ ਵਿਭਾਗ ਨੇ ਫੌਜ ਦੀਆਂ ਦਸ ਕੰਪਨੀਆਂ ਤਾਇਨਾਤ ਕਰਨ ਦੀ ਮੰਗ ਕੀਤੀ ਹੈ।ਇਨ੍ਹਾਂ ਨੂੰ ਲਾਹੌਰ, ਮੁਲਤਾਨ, ਰਾਵਲਪਿੰਡੀ, ਫੈਸਲਾਬਾਦ ਅਤੇ ਕੁਝ ਹੋਰ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਇਥੇ ਲਾਹੌਰ ਵਿੱਚ ਕੁੱਝ ਲੋਕਾਂ ਵੱਲੋਂ ਪੁਲਿਸ ਅਤੇ ਰੇਂਜਰਾਂ ‘ਤੇ ਹਮਲਾ ਕੀਤਾ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ।

ਇਮਰਾਨ ਖਾਨ ਨੂੰ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਾਕਿਸਤਾਨੀ ਰੇਂਜਰਾਂ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਬਾਅਦ ‘ਚ ਹਾਈ ਕੋਰਟ ਨੇ ਵੀ ਇਮਰਾਨ ਦੀ ਗ੍ਰਿਫਤਾਰੀ ਨੂੰ ਕਾਨੂੰਨੀ ਮੰਨਿਆ, ਜਿਸ ਤੋਂ ਬਾਅਦ ਪੀਟੀਆਈ ਸਮਰਥਕਾਂ ਨੇ ਸੜਕਾਂ ‘ਤੇ ਹਿੰਸਾ ਅਤੇ ਅੱਗਜ਼ਨੀ ਸ਼ੁਰੂ ਕਰ ਦਿੱਤੀ। ਪੀਟੀਆਈ ਸਮਰਥਕਾਂ ਨੇ ਲਾਹੌਰ ਵਿੱਚ ਪੀਐਮਐਨਐਲ ਦਫ਼ਤਰ ਨੂੰ ਅੱਗ ਲਾ ਦਿੱਤੀ ਸੀ।

ਇਮਰਾਨ ਖਾਨ ਦੀ ਗ੍ਰਿਫਤਾਰੀ ਦੀ ਖਬਰ ਫੈਲਦੇ ਹੀ ਪਾਕਿਸਤਾਨ ਦੇ ਹੋਰ ਵੀ ਕਈ ਸ਼ਹਿਰਾਂ ‘ਚ ਭਾਰੀ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਕਈ ਥਾਵਾਂ ‘ਤੇ ਪ੍ਰਦਰਸ਼ਨਕਾਰੀ ਹਿੰਸਕ ਹੋ ਗਏ। ਉਨ੍ਹਾਂ ਨੇ ਪੁਲਿਸ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਲਾਹੌਰ ਵਿੱਚ, ਵੱਡੀ ਗਿਣਤੀ ਵਿੱਚ ਪੀਟੀਆਈ ਵਰਕਰਾਂ ਨੇ ਕੋਰ ਕਮਾਂਡਰ ਦੀ ਲਾਹੌਰ ਰਿਹਾਇਸ਼ ਉੱਤੇ ਧਾਵਾ ਬੋਲ ਦਿੱਤਾ ਅਤੇ ਗੇਟ ਅਤੇ ਖਿੜਕੀਆਂ ਦੇ ਤਾਲੇ ਤੋੜ ਦਿੱਤੇ ਤੇ ਫ਼ੌਜ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਬਣੇ ਹਾਲਾਤਾਂ ਨੂੰ ਦੇਖਦੇ ਹੋਏ ਸੰਯੁਕਤ ਰਾਜ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਨੇ ਰਾਜਨੀਤਿਕ ਅਸ਼ਾਂਤੀ ਦਾ ਹਵਾਲਾ ਦਿੰਦੇ ਹੋਏ ਆਪਣੇ ਨਾਗਰਿਕਾਂ ਲਈ ਨਵੀਂ ਯਾਤਰਾ ਐਡਵਾਇਜ਼ਰੀ ਜਾਰੀ ਕੀਤੀ ਹੈ। ਟਰੈਵਲ ਐਡਵਾਈਜ਼ਰੀ ‘ਚ ਪਾਕਿਸਤਾਨ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।