ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੋਮਵਾਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ, ਕੈਪਟਨ ਇੱਥੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਨਾ ਸਿਰਫ ਪਾਰਟੀ ਵਿੱਚ ਸ਼ਾਮਲ ਹੋਣਗੇ, ਬਲਕਿ ਆਪਣੀ ਨਵੀਂ ਬਣੀ ਪਾਰਟੀ ਪੀਐਲਸੀ ਨੂੰ ਕੇਂਦਰ ਵਿੱਚ ਸੱਤਾਧਾਰੀ ਪਾਰਟੀ ਵਿੱਚ ਵੀ ਮਿਲਾ ਦੇਣਗੇ।
ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਪਿਛਲੇ ਸਾਲ ਕਾਂਗਰਸ ਛੱਡ ਦਿੱਤੀ ਸੀ ਅਤੇ ਪੀਐਲਸੀ ਦਾ ਗਠਨ ਕੀਤਾ ਸੀ। ਪੀਐੱਲਸੀ ਨੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਹਾਲਾਂਕਿ, ਇਸ ਦਾ ਕੋਈ ਵੀ ਉਮੀਦਵਾਰ ਜਿੱਤ ਨਹੀਂ ਸਕਿਆ ਅਤੇ ਸਿੰਘ ਖੁਦ ਵੀ ਆਪਣੇ ਗੜ੍ਹ ਪਟਿਆਲਾ ਸਿਟੀ ਸੀਟ ਤੋਂ ਹਾਰ ਗਏ ਸਨ।
ਪੀਐੱਲਸੀ ਦੇ ਬੁਲਾਰੇ ਪ੍ਰੀਤਪਾਲ ਸਿੰਘ ਬਲਿਆਵਾਲ ਨੇ ਪਹਿਲਾਂ ਦੱਸਿਆ ਸੀ ਕਿ ਸਿੰਘ ਸੋਮਵਾਰ ਨੂੰ ਦਿੱਲੀ ‘ਚ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਹੋਣਗੇ।
ਰੀੜ੍ਹ ਦੀ ਹੱਡੀ ਦੀ ਸਰਜਰੀ ਤੋਂ ਬਾਅਦ ਹਾਲ ਹੀ ਵਿੱਚ ਲੰਡਨ ਤੋਂ ਪਰਤਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਕੈਪਟਨ ਨੇ 12 ਸਤੰਬਰ ਨੂੰ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਸੀ ਕਿ ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ, ਪੰਜਾਬ ‘ਚ ਡਰੱਗ-ਅੱਤਵਾਦ ਦੇ ਵਧਦੇ ਮਾਮਲਿਆਂ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੇ ਰੂਪ-ਰੇਖਾ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਬਹੁਤ ਹੀ ਸ਼ਲਾਘਾਯੋਗ ਚਰਚਾ ਕੀਤੀ ਸੀ। ਕੈਪਟਨ, ਦੋ ਵਾਰ ਮੁੱਖ ਮੰਤਰੀ ਰਹੇ, ਸਾਬਕਾ ਪਟਿਆਲਾ ਸ਼ਾਹੀ ਪਰਿਵਾਰ ਦੇ ਵੰਸ਼ ਵਿੱਚੋਂ ਹਨ।
‘ਕੈਪਟਨ ਦੇ ਸ਼ਾਮਲ ਹੋਣ ਦਾ ਬੀਜੇਪੀ ਨੂੰ ਮਿਲੇਗਾ ਲਾਹਾ’-ਪ੍ਰਨੀਤ ਕੌਰ
ਸਾਂਸਦ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਟੀਮ ਨਾਲ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸਦਾ ਸਿੱਧਾ ਲਾਹਾ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਿਲੇਗਾ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਨਿਸ਼ਾਨ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਲੀਡਰਸ਼ਿੱਪ ਨੂੰ ਵੋਟ ਪਾਈ ਸੀ ਪਰ ਦੁਖ ਦੀ ਗੱਲ ਹੈ ਕਿ ਸੂਬੇ ਦੀ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ।