Punjab

ਅੰਮ੍ਰਿਤਸਰ ‘ਚ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸੋਨੇ ਦੇ ਮੈਡਲ ਨਾਲ ਸਨਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਬਾਹਰ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੀ ਮੌਜੂਦ ਸਨ। ਇਸ ਮੌਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ‘ਮੈਂ ਥੱਕ ਹਾਰ ਕੇ ਨੌਕਰੀ ਤੋਂ ਅਸਤੀਫਾ ਨਹੀਂ ਦਿੱਤਾ। ਮੈਂ ਇਨਸਾਫ ਵਾਸਤੇ, ਜੰਗ ਦੀ ਸ਼ੁਰੂਆਤ ਕਰਨ ਵਾਸਤੇ ਮੈਂ ਅਸਤੀਫਾ ਦਿੱਤਾ ਹੈ। ਪੀੜਤਾਂ ਨੂੰ ਇਨਸਾਫ ਜ਼ਰੂਰ ਮਿਲੇਗਾ। ਮੈਨੂੰ ਉੱਪਰੋਂ, ਪਰਮਾਤਮਾ ਕੋਲੋਂ ਜੋ ਆਦੇਸ਼ ਆਵੇਗਾ, ਮੈਂ ਉਹੀ ਕਰਾਂਗਾ। ਪਰਮਾਤਮਾ ਸਭ ਤੋਂ ਵੱਡਾ ਹੈ। ਇੱਕ ਨਵਾਂ ਪੰਜਾਬ ਬਣੇਗਾ, ਅੱਜ ਤੋਂ ਡੇਢ ਸੌ ਸਾਲ ਪਹਿਲਾਂ ਜੋ ਪੰਜਾਬ ਸੀ, ਉਹ ਪੰਜਾਬ ਫਿਰ ਤੋਂ ਵੇਖਣ ਨੂੰ ਮਿਲੇਗਾ। ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦਾ ਪੰਜਾਬ ਨਜ਼ਰ ਆਵੇਗਾ।’ ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਟੇਕਿਆ।

10 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਸਤੀਫੇ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ਲਈ ਵਕਾਲਤ ਕਰਨ ਦਾ ਫੈਸਲਾ ਕੀਤਾ।