The Khalas Tv Blog Punjab ਇਸ ਲੀਡਰ ਦੇ ਆਖੇ ਲੱਗ ਸੇਵਾ ਸਿੰਘ ਸੇਖਵਾਂ ਨੇ ਧਰਿਆ ਸੀ ਸਿਆਸਤ ‘ਚ ਪੈਰ
Punjab

ਇਸ ਲੀਡਰ ਦੇ ਆਖੇ ਲੱਗ ਸੇਵਾ ਸਿੰਘ ਸੇਖਵਾਂ ਨੇ ਧਰਿਆ ਸੀ ਸਿਆਸਤ ‘ਚ ਪੈਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਸਾਬਕਾ ਮੰਤਰੀ ਅਤੇ ਟਕਸਾਲੀ ਅਕਾਲੀ ਲੀਡਰ ਸੇਵਾ ਸਿੰਘ ਸੇਖਵਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਕੱਲ੍ਹ ਮੋਹਾਲੀ ਵਿਖੇ ਉਨ੍ਹਾਂ ਨੇ ਅੰਤਿਮ ਸਾਹ ਲਏ ਹਨ। ਇੱਥੇ ਇਹ ਦੱਸ ਦਈਏ ਕਿ ਸੇਵਾ ਸਿੰਘ ਸੇਖਵਾਂ ਕੁਝ ਸਮਾਂ ਪਹਿਲਾਂ ਹੀ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ਸੇਖਵਾਂ ਪਿੰਡ ਜਾ ਕੇ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਜਵਾਇਨ ਕਰਵਾਈ ਸੀ। ਪਰ ਉਨ੍ਹਾਂ ਦੇ ਸਿਆਸੀ ਜੀਵਨ ਦੀ ਸ਼ੁਰੂਆਤ ਕਿਹੜੇ ਲੀਡਰ ਕਰਕੇ ਹੋਈ ਹੈ, ਇਸ ਬਾਰੇ ਘੱਟ ਲੋਕ ਜਾਣਦੇ ਹਨ।

ਜ਼ਿਕਰਯੋਗ ਹੈ ਕਿ ਸੇਵਾ ਸਿੰਘ ਸੇਖਵਾਂ ਨੇ ਕੁਝ ਸਾਲ ਪਹਿਲਾਂ ਹੀ ਅਕਾਲੀ ਦਲ ਬਾਦਲ ਨਾਲੋਂ ਬਗਾਵਤ ਕਰਕੇ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਮਿਲਕੇ ਅਕਾਲੀ ਦਲ ਟਕਸਾਲੀ ਬਣਾਈ ਤੇ ਫਿਰ ਇਸ ਤੋਂ ਕੁਝ ਸਮਾਂ ਬਾਅਦ ਉਹ ਅਕਾਲੀ ਦਲ ਦੇ ਇੱਕ ਹੋਰ ਬਾਗੀ ਲੀਡਰ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੇ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਬਾਅਦ ਸੇਖਵਾਂ ਨੇ ਆਮ ਆਦਮੀ ਪਾਰਟੀ ਦਾ ਹੱਥ ਫੜ੍ਹ ਲਿਆ।

ਸੇਵਾ ਸਿੰਘ ਸੇਖਵਾਂ ਦਾ ਮਾਝੇ ਇਲਾਕੇ ‘ਚ ਇੱਕ ਵੱਡਾ ਸਿਆਸੀ ਨਾਂ ਹੈ। ਇਨ੍ਹਾਂ ਦੇ ਪਿਤਾ ਉਜਾਗਰ ਸਿੰਘ ਸੇਖਵਾਂ ਪੁਰਾਣੇ ਟਕਸਾਲੀ ਲੀਡਰ ਸਨ ਕੇ 1977 ਅਤੇ 1980 ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਵਿੱਚੋਂ ਦੋ ਵਾਰ ਵਿਧਾਇਕ ਦੇ ਤੌਰ ਉੱਤੇ ਵਿਧਾਨ ਸਭਾ ਵਿੱਚ ਨੁਮਾਇੰਦਗੀ ਕਰ ਚੁੱਕੇ ਸਨ। ਪੰਜਾਬ ਦੇ ਐਮਰਜੈਂਸੀ ਸਮੇਂ ਕੁਝ ਸਮੇਂ ਲਈ ਜਥੇਦਾਰ ਉਜਾਗਰ ਸਿੰਘ ਸੇਖਵਾਂ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਸਨ ਤੇ ਅਧਿਆਪਕ ਰਹਿ ਚੁੱਕੇ ਸੇਵਾ ਸਿੰਘ ਸੇਖਵਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 1990 ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਆਖੇ ਲੱਗ ਕੇ ਰਾਜਨੀਤੀ ਵਿਚ ਪੈਰ ਧਰਿਆ ਸੀ।

ਸਿਆਸੀ ਸਫਰ ਦੇਖੀਏ ਤਾਂ ਸੇਖਵਾਂ ਪਹਿਲੀ ਵਾਰ 1997 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ। ਇਸ ਤੋਂ ਇਲਾਵਾ ਸੇਵਾ ਸਿੰਘ ਸੇਖਵਾਂ ਬਾਦਲ ਸਰਕਾਰ ਸਮੇਂ 1997 ਤੋਂ 2002 ਅਤੇ 2009 ਤੋਂ 2012 ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਸੇਖਵਾਂ ਅਕਾਲੀ ਦਲ ਦੇ ਉਪ ਪ੍ਰਧਾਨ, ਕੋਰ ਕਮੇਟੀ ਦੇ ਮੈਂਬਰ ਅਤੇ ਰਾਜਨੀਤਿਕ ਮਾਮਲਿਆਂ ਬਾਰੇ ਬਣੀ ਕਮੇਟੀ ਵਿੱਚ ਸੇਵਾ ਕਰ ਚੁੱਕੇ ਹਨ ਤੇ ਸੇਖਵਾਂ ਦੇ ਬੇਟੇ ਜਗਰੂਪ ਸਿੰਘ ਸੇਖਵਾਂ ਕਾਹਨੂੰਵਾਨ ਮਾਰਕੀਟ ਦੇ ਚੇਅਰਮੈਨ ਰਹਿ ਚੁੱਕੇ ਹਨ। ਸੇਵਾ ਸਿੰਘ ਸੇਖਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਹਾਰ ਮਿਲੀ ਤਾਂ ਸੇਵਾ ਸਿੰਘ ਸੇਖਵਾਂ ਉਨ੍ਹਾਂ ਲੀਡਰਾਂ ਨਾਲ ਖੜ੍ਹੇ ਹੋ ਗਏ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੰਮ ਕਰਨ ਦੇ ਤਰੀਕੇ ਤੋਂ ਨਾਖੁਸ਼ ਸਨ ਤੇ ਸਵਾਲ ਕਰਦੇ ਸਨ। ਇਸ ਤੋਂ ਬਾਅਦ ਅਕਾਲੀ ਦਲ ਨੇ ਪਾਰਟੀ ਵਿਰੋਧੀ ਕੰਮ ਕਰਨ ਕਰਕੇ ਸੇਖਵਾਂ ਨੂੰ ਬਾਹਰ ਦਾ ਰਾਹ ਦਿਖਾ ਦਿੱਤਾ। ਇਸ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਛੱਡ ਕੇ ਸਾਬਕਾ ਐਮ ਪੀ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਐਮ ਪੀ ਡਾਕਟਰ ਰਤਨ ਸਿੰਘ ਅਜਨਾਲਾ ਨਾਲ ਮਿਲ ਕੇ 2018 ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਬਣਾਈ। ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ‘ਚ ਸ੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਗਠਨ ਹੋਇਆ ਤਾਂ ਸੇਖਵਾਂ ਪਹਿਲੇ ਲੀਡਰ ਸਨ ਜਿੰਨ੍ਹਾਂ ਨੇ ਢੀਂਡਸਾ ਦਾ ਸਾਥ ਦਿੱਤਾ ਸੀ। ਮੌਜੂਦਾ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਇੱਕ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਰੂਪ ਲੈ ਚੁੱਕਾ ਹੈ।

ਸਿਆਸੀ ਲੀਡਰਾਂ ਨੇ ਕੀਤਾ ਸੇਖਵਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਸੇਵਾ ਸਿੰਘ ਸੇਖਵਾਂ ਦੀ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਰਾਜਨੀਤਕ ਹਲਕਿਆਂ ਵਿੱਚ ਇੱਕ ਪਾੜਾ ਪਿਆ ਹੈ। ਸਰਹੱਦੀ ਖੇਤਰ ਦੇ ਸਰਵਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਸੇਖਵਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਇਹ ਖਬਰ ਸੁਣਕੇ ਬਹੁਤ ਦੁੱਖ ਹੋਇਆ ਹੈ। ਹਾਲੇ ਕੁੱਝ ਦਿਨ ਪਹਿਲਾਂ ਹੀ ਉਹ ਆਮ ਆਦਮੀ ਪਰਿਵਾਰ ਵਿੱਚ ਸ਼ਾਮਿਲ ਹੋਏ ਸਨ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਦੁੱਖ ਹੋਇਆ। ਉਹ ਇੱਕ ਤਜਰਬੇਕਾਰ ਸਿਆਸਤਦਾਨ ਸਨ ਅਤੇ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਲਈ ਸਖਤ ਮਿਹਨਤ ਕੀਤੀ। ਉਸਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਬੀਰ ਨੇ ਕਿਹਾ ਹੈ ਕਿ ਰਾਜਨੀਤਿਕ ਮਤਭੇਦਾਂ ਤੋਂ ਇਲਾਵਾ, ਮੇਰੇ ਕੋਲ ਉਨ੍ਹਾਂ ਦੀਆਂ ਲੰਮੀਆਂ ਯਾਦਾਂ ਹਨ। ਉਨ੍ਹਾਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਣ ਲਈ ਅਰਦਾਸ ਕੀਤੀ ਹੈ।

Exit mobile version