‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਸਥਾਨ ਪੁਲਿਸ ਨੇ ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚੋਂ ਸਥਾਨਕ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਵੀ ਸ਼ਾਮਿਲ ਹੈ। ਭਿਵਾੜੀ ਦੇ ਐੱਸਪੀ ਰਾਮ ਮੂਰਤੀ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਸਿਆਹੀ ਸੁੱਟਣ ਦੀ ਕੋਸ਼ਿਸ਼ ਵੀ ਕੀਤੀ ਸੀ। ਐੱਸਪੀ ਰਾਮ ਮੂਰਤੀ ਜੋਸ਼ੀ ਨੇ ਕਿਹਾ ਕਿ ਹਾਲੇ ਤੱਕ ਕਿਸਾਨਾਂ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ ਅਤੇ ਨਾ ਹੀ ਇਸ ਮਾਮਲੇ ‘ਤੇ ਐੱਫਆਈਆਰ ਦਰਜ ਕਰਵਾਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।
