International Punjab

ਲਾਰੈਂਸ ਬਿਸ਼ਨੋਈ ਦਾ NIA ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ,ਅੱਜ ਹੋਈ ਸੀ ਅਦਾਲਤ ਵਿੱਚ ਪੇਸ਼ੀ

ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਮੰਗਿਆ ਗਿਆ ਸੀ।

ਪੰਜਾਬ ਪੁਲਿਸ ਲਾਰੈਂਸ ਨੂੰ ਲੈ ਕੇ ਪੰਜਾਬ ਦੀ ਬਠਿੰਡਾ ਜੇਲ੍ਹ ਤੋਂ ਦਿੱਲੀ ਪਹੁੰਚੀ ਸੀ ਅਤੇ ਅੱਜ ਉਸ ਨੂੰ ਸਖ਼ਤ ਸੁਰੱਖਿਆ ਵਿਚਕਾਰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ।ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਲਾਰੈਂਸ ਦਾ ਐਨਆਈਏ ਨੇ 7 ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਦੀਪਕ ਨਾਂ ਦੇ ਵਿਅਕਤੀ ਦੇ ਬਿਆਨ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਅਦਾਲਤ ਨੇ 7 ਦਿਨਾਂ ‘ਚ ਲਾਰੈਂਸ ਖਿਲਾਫ ਗਵਾਹੀ ਦੇਣ ਲਈ ਕਿਹਾ ਹੈ।

ਇਹ ਮਾਮਲਾ ਐਨਆਈਏ ਨੇ ਪਿਛਲੇ ਸਾਲ ਦਸੰਬਰ ਵਿੱਚ ਦਰਜ ਕੀਤਾ ਸੀ। ਐਫਆਈਆਰ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ਅੱਤਵਾਦੀ ਸੰਗਠਨ ਅੰਤਰਰਾਸ਼ਟਰੀ ਅਤੇ ਅੰਤਰਰਾਜੀ ਸਰਹੱਦਾਂ ਰਾਹੀਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਕਰਨ ਲਈ ਸੰਗਠਿਤ ਅਪਰਾਧ ਸਿੰਡੀਕੇਟ ਦੀ ਵਰਤੋਂ ਕਰ ਰਹੇ ਹਨ।

ਉੱਤਰੀ ਭਾਰਤ ਵਿੱਚ ਸਰਗਰਮ ਸੰਗਠਿਤ ਅਪਰਾਧ ਸਿੰਡੀਕੇਟ ਅਤੇ ਮੋਹਾਲੀ ਵਿੱਚ ਆਰਪੀਜੀ ਹਮਲੇ ਨਾਲ ਸਬੰਧਤ ਮਾਮਲਿਆਂ ਵਿੱਚ ਐਨਆਈਏ ਪਹਿਲਾਂ ਹੀ ਬਿਸ਼ਨੋਈ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ। ਪਰ ਇਸ ਵਾਰ ਐਨਆਈਏ ਨੇ ਅਦਾਲਤ ਤੋਂ ਬਿਸ਼ਨੋਈ ਦੀ ਹਿਰਾਸਤ ਦੀ ਮੰਗ ਕੀਤੀ ਸੀ ਤਾਂ ਜੋ ਇਸ ਗੱਲ ਦੀ ਜਾਂਚ ਕੀਤੀ ਜਾ ਸਕੇ ਕਿ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਭਾਰਤ ਵਿੱਚ ਵੱਡੇ ਅਪਰਾਧੀਆਂ ਨੂੰ ਕਿਵੇਂ ਵਰਤ ਰਹੇ ਹਨ।