ਅਬੋਹਰ ਦੇ ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ ਵਿੱਚ ਸ਼ਨੀਵਾਰ ਦੇਰ ਰਾਤ ਦੋ ਗੈਂਗ ਆਪਸ ਵਿੱਚ ਭਿੜ ਗਏ। ਜਿਸ ਵਿੱਚ ਇੱਕ ਗਰੋਹ ਦੇ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਬਾਅਦ ਰੈਫਰ ਕਰ ਦਿੱਤਾ। ਦੂਜੇ ਪਾਸੇ ਥਾਣਾ ਬਹਾਵਾਲਾ ਦੀ ਪੁਲਿਸ ਨੇ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੌਜਵਾਨ ਦਾ ਕਤਲ ਕਰਨ ਵਾਲੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਪਿੰਡ ਸੀਤੋ ਗੁੰਨੋ ‘ਚ ਦੋ ਗੈਂਗ ਹਨ, ਜਿਨ੍ਹਾਂ ‘ਚੋਂ ਇਕ ਅੰਕਿਤ ਬਿਸ਼ਨੋਈ ਗੈਂਗ ਅਤੇ ਦੂਜਾ ਨੀਲਕੰਠ ਬਿਸ਼ਨੋਈ ਗੈਂਗ ਹੈ। ਦੋਵਾਂ ਗਰੋਹਾਂ ਦੇ ਇੱਕ ਮੈਂਬਰ ਵੱਲੋਂ ਪ੍ਰੇਮ ਵਿਆਹ ਕਰਵਾਉਣ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਹੈ। ਜਿਸ ਕਾਰਨ ਬੀਤੀ ਦੇਰ ਰਾਤ ਸੀਤੋ ਗੁੰਨੋ ਦੇ ਪ੍ਰਾਇਮਰੀ ਸਕੂਲ ‘ਚ ਦੋਵਾਂ ਗੈਂਗਸਟਰਾਂ ਨੇ ਰੰਜਿਸ਼ ਰੱਖ ਕੇ ਇਕ ਦੂਜੇ ‘ਤੇ ਹਮਲਾ ਕਰ ਦਿੱਤਾ।
ਇਸ ਹਮਲੇ ਵਿੱਚ 21 ਸਾਲਾ ਸੁਰਿੰਦਰ ਕੁਮਾਰ ਅਤੇ 22 ਸਾਲਾ ਲਵਪ੍ਰੀਤ ਸਿੰਘ ਵਾਸੀ ਪਿੰਡ ਸੁਖਚੈਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਸੁਰਿੰਦਰ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਲਵਪ੍ਰੀਤ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਰੈਫਰ ਕਰ ਦਿੱਤਾ।
ਦੂਜੇ ਪਾਸੇ ਗੈਂਗ ਵਾਰ ਦੀ ਸੂਚਨਾ ਮਿਲਦੇ ਹੀ ਥਾਣਾ ਬਹਾਵਾਲਾ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਦੋਵਾਂ ਗਰੋਹਾਂ ਦੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।