Punjab

ਘੁੰਮਣ ਕਲਾਂ ਹੱਡਾਂ ਰੋੜੀ ਮਾਮਲਾ : ਪਿੰਡ ਵਾਸੀਆਂ ‘ਤੇ 307 ਸਮੇਤ ਹੋਰਨਾਂ ਧਾਰਾਵਾਂ ਤਹਿਤ ਮਾਮਲਾ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੰਮਣ ਕਲਾਂ ਦੇ ਵਿੱਚ ਬੀਤੇ ਦਿਨੀਂ ਹੱਡਾਂ ਰੋੜੀ ਦੀ ਮਿਣਤੀ ਨੂੰ ਲੈ ਕੇ ਪਿੰਡਵਾਸੀਆਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਤਕਰਾਰ ਹੋ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਹੁਣ 10 ਪਿੰਡ ਵਾਸੀਆਂ ਦੇ ਖ਼ਿਲਾਫ਼ ਪਰਚਾ ਦਰਜ ਕਰ ਦਿੱਤਾ ਹੈ। ਪਿੰਡ ਵਾਸੀਆਂ ਉੱਤੇ ਧਾਰਾ 307 ਸਣੇ ਵੱਖ ਵੱਖ ਧਾਰਾਵਾਂ ਦਰਜ ਕੀਤੀਆਂ ਗਈਆਂ ਹਨ। ਬੀਤੇ ਦਿਨੀਂ ਹੋਈ ਤਕਰਾਰ ਵਿੱਚ ਪੁਲਿਸ ਵੱਲੋਂ ਪਿੰਡਵਾਸੀਆਂ ਉੱਤੇ ਲਾਠੀਚਾਰਜ ਵੀ ਕੀਤਾ ਗਿਆ ਸੀ ਅਤੇ ਕਈਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਦੌਰਾਨ ਇੱਕ ਬਜ਼ੁਰਗ ਨੇ ਜ਼ਹਿਰੀਲੀ ਦਵਾਈ ਪੀ ਲਈ, ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਰੋਸ ਵਿੱਚ ਆਏ ਪਿੰਡ ਵਾਸੀਆਂ ਨੇ ਬਠਿੰਡਾ ਚੰਡੀਗੜ੍ਹ ਹਾਈਵੇ ਨੂੰ ਜਾਮ ਕਰ ਦਿੱਤਾ ਸੀ। ਹਾਲਾਂਕਿ, ਪੁਲਿਸ ਨੇ ਲਾਠੀਚਾਰਜ ਕਰਕੇ ਧਰਨੇ ਵਾਲੀ ਜਗ੍ਹਾ ਨੂੰ ਖਾਲੀ ਕਰਵਾ ਲਿਆ ਸੀ ਪਰ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਜਾਰੀ ਰੱਖਣ ਦਾ ਦਾਅਵਾ ਕੀਤਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ, ਉਹ ਪ੍ਰਦਰਸ਼ਨ ਕਰਦੇ ਰਹਿਣਗੇ।।

ਪਿੰਡਵਾਸੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ 24 ਨਵੰਬਰ 2020 ਵਿੱਚ ਤਤਕਾਲੀ ਕਾਂਗਰਸ ਸਰਕਾਰ ਨੇ ਇੱਥੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਸੀ ਪਰ ਹੁਣ ਚਾਰ ਪੰਜ ਪਿੰਡਾਂ ਦੇ ਕੁਝ ਲੋਕ ਹਨ ਜੋ ਇੱਥੇ ਧੱਕੇ ਦੇ ਨਾਲ ਹੱਡਾ ਰੋੜੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਪ੍ਰਸ਼ਾਸਨ ਵੀ ਉਨ੍ਹਾਂ ਦਾ ਸਾਥ ਦਿੰਦਿਆਂ ਇੱਥੇ ਧੱਕੇ ਦੇ ਨਾਲ ਮਿਣਤੀ ਕਰਵਾ ਰਹੇ ਹਨ। ਪਿੰਡ ਵਾਸੀਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪਿੰਡ ਦਾ ਸਰਪੰਚ ਵੀ ਉਨ੍ਹਾਂ ਦੇ ਨਾਲ ਮਿਲ ਗਿਆ ਹੈ ਅਤੇ ਨਗਰ ਪੰਚਾਇਤ ਵੀ ਸਾਡਾ ਸਾਥ ਨਹੀਂ ਦੇ ਰਹੀ। ਮਿਣਤੀ ਤੋਂ ਪਹਿਲਾਂ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਨੌਜਵਾਨਾਂ ਨੇ ਦੋਸ਼ ਲਾਇਆ ਕਿ ਸਟੇਡੀਅਮ ਵਿੱਚ ਮਰੇ ਹੋਏ ਪਸ਼ੂਆਂ ਨੂੰ ਸੁੱਟ ਕੇ ਚਲੇ ਜਾਂਦੇ ਹਨ। ਜੋ ਨੌਜਵਾਨ ਇੱਥੇ ਖੇਡਣ ਆਉਂਦੇ ਹਨ, ਮਰੇ ਹੋਏ ਪਸ਼ੂਆਂ ਦੀ ਬੋਅ ਨਾਲ ਉਨ੍ਹਾਂ ਦੀ ਸਿਹਤ ਉੱਤੇ ਅਸਰ ਪਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਸ ਮਸਲੇ ਉੱਤੇ ਧਿਆਨ ਦੇਣ ਦੀ ਅਪੀਲ ਕੀਤੀ ਹੈ।