ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਵੇਖਦਿਆਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਸਾਂਝੇ ਉਪਰਾਲਿਆਂ ਨਾਲ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਪੈਕੇਜ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਵੱਡਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਹੈ, ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੁਦਰਤੀ ਆਫਤ ਪ੍ਰਬੰਧਨ ਫੰਡ ਨੂੰ ਤੁਰੰਤ ਜਾਰੀ ਕੀਤਾ ਜਾਵੇ ਅਤੇ ਪੰਜਾਬ ਨੂੰ ਬੇਗਾਨਗੀ ਨਾਲ ਨਾ ਵੇਖਿਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਇਸ ਲਈ ਕੇਂਦਰ ਸਰਕਾਰ ਪੰਜਾਬ ਸਰਕਾਰ ਨਾਲ ਤੁਰੰਤ ਸੰਪਰਕ ਕਰਕੇ ਵਿੱਤੀ ਮਦਦ ਦਾ ਐਲਾਨ ਕਰੇ।
ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਸਮੱਸਿਆ ਹੱਲ ਨਹੀਂ ਹੋਵੇਗੀ। ਹੜ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਵਿੱਚ ਵੱਡਾ ਆਰਥਿਕ ਨੁਕਸਾਨ ਕੀਤਾ ਹੈ, ਇਸ ਲਈ ਮੁੱਖ ਮੰਤਰੀ ਨੂੰ ਨਾਟਕੀ ਅੰਦਾਜ਼ ਦੀ ਬਜਾਏ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ।
ਉਨ੍ਹਾਂ ਮੰਗ ਕੀਤੀ ਕਿ ਮੁਆਵਜ਼ੇ ਦੇ ਐਲਾਨ ਨੂੰ ਸਿਰਫ਼ ਮੰਚ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਪ੍ਰਭਾਵਿਤ ਇਲਾਕਿਆਂ ਦੇ ਮਾਲੀ ਨੁਕਸਾਨ ਦੀ ਪੂਰੀ ਭਰਪਾਈ ਯਕੀਨੀ ਬਣਾਈ ਜਾਵੇ।ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਪੰਜਾਬ ਨੂੰ ਹਰ ਸਾਲ ਹੜ੍ਹਾਂ ਦੀ ਮਾਰ ਸਹਿਣੀ ਪੈਂਦੀ ਹੈ ਅਤੇ ਪਿਛਲੇ ਤਿੰਨ ਦਹਾਕਿਆਂ ਵਿੱਚ ਇਸ ਨਾਲ ਵੱਡਾ ਨੁਕਸਾਨ ਹੋਇਆ ਹੈ। ਸਰਕਾਰਾਂ ਨੇ ਕੰਢੀ ਖੇਤਰ, ਦਰਿਆਈ ਅਤੇ ਸਰਹੱਦੀ ਇਲਾਕਿਆਂ ਵਿੱਚ ਹੋਣ ਵਾਲੇ ਨੁਕਸਾਨ ਵੱਲ ਅੱਖਾਂ ਬੰਦ ਰੱਖੀਆਂ। ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਨਾਲ ਨਜਿੱਠਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾ ਆਵੇ, ਇਸ ਲਈ ਪੱਕੇ ਪ੍ਰਬੰਧ ਕੀਤੇ ਜਾਣ।
ਪੰਜਾਬ ਦੀ ਨਾਜ਼ੁਕ ਸਥਿਤੀ ਨੂੰ ਵੇਖਦਿਆਂ, ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਚੁਣੇ ਜਾਣ ‘ਤੇ ਰੱਖੇ ਸਾਰੇ ਸਨਮਾਨ ਸਮਾਗਮ ਰੱਦ ਕਰ ਦਿੱਤੇ। ਉਨ੍ਹਾਂ ਨੇ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਰਾਹਤ ਪਹੁੰਚਾਉਣ, ਜਰੂਰੀ ਵਸਤੂਆਂ ਦੀ ਸੇਵਾ ਕਰਨ ਅਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕਰਨ ਲਈ ਟੀਮਾਂ ਬਣਾ ਕੇ ਕੰਮ ਸ਼ੁਰੂ ਕਰਨ। ਇਸ ਤਰ੍ਹਾਂ, ਸ਼੍ਰੋਮਣੀ ਅਕਾਲੀ ਦਲ ਨੇ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਦੇ ਲੋਕਾਂ ਦੀ ਮਦਦ ਲਈ ਪੂਰੀ ਵਚਨਬੱਧਤਾ ਦਿਖਾਈ।