‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸਸਕਾਰ ਕੀਤਾ ਗਿਆ ਹੈ। ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਜਥੇਦਾਰ ਵੇਦਾਂਤੀ ਨੂੰ ਅੰਤਿਮ ਵਿਦਾਇਗੀ ਦਿੱਤੀ। ਜਥੇਦਾਰ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੀ ਪਤਨੀ ਬੀਬੀ ਹਰਭਜਨ ਕੌਰ, ਉਨ੍ਹਾਂ ਦੀ ਧੀ ਅਮਨਪ੍ਰੀਤ ਕੌਰ, ਭਾਈ ਜਗਬੀਰ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਧੀਕ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਹੋਰ ਵੱਖ-ਵੱਖ ਸੰਪ੍ਰਦਾਵਾਂ ਤੇ ਕਾਰਸੇਵਾ ਵਾਲਿਆਂ ਮਹਾਂਪੁਰਖਾਂ ਨੇ ਪੰਥਕ ਰਵਾਇਤਾ ਅਨੁਸਾਰ ਉਨ੍ਹਾਂ ਦੀ ਮ੍ਰਿਤਕ ਸਰੀਰ ’ਤੇ ਲੋਈ ਅਤੇ ਸਿਰੋਪਾਓ ਪਾ ਕੇ ਸਨਮਾਨ ਦਿੱਤਾ।
ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ 15 ਮਈ ਨੂੰ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸਿੱਖ ਪੰਥ ਦੀਆਂ ਵੱਖ-ਵੱਖ ਸ਼ਖਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।