The Khalas Tv Blog India ਇਟਲੀ ‘ਚ ਅੰਮ੍ਰਿਤਧਾਰੀ ਸਿੱਖ ‘ਤੇ ਮਾਮਲਾ ਦਰਜ, ਜਥੇਦਾਰ ਨੇ ਕੀਤੀ ਨਿੰਦਾ
India International Punjab

ਇਟਲੀ ‘ਚ ਅੰਮ੍ਰਿਤਧਾਰੀ ਸਿੱਖ ‘ਤੇ ਮਾਮਲਾ ਦਰਜ, ਜਥੇਦਾਰ ਨੇ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿੱਚ ਇਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਸਾਹਿਬ ਅੰਮ੍ਰਿਤਧਾਰੀ ਸਿੱਖਾਂ ਦੇ ਪੰਜ ਕਕਾਰਾਂ ਵਿੱਚੋਂ ਇਕ ਹੈ ਅਤੇ ਇਟਲੀ ਵਿੱਚ ਤਿੰਨ ਮਹੀਨੇ ਪਹਿਲਾਂ ਹੀ ਗਏ ਇਕ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਦੇ ਖ਼ਿਲਾਫ਼ ਸ੍ਰੀ ਸਾਹਿਬ ਪਹਿਨੀ ਹੋਣ ਕਾਰਨ ਪੁਲਿਸ ਮਾਮਲਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਹਮਲਾ ਹੈ।

ਉਨ੍ਹਾਂ ਆਖਿਆ ਕਿ ਅੱਜ ਸਿੱਖ ਦੁਨੀਆ ਦੇ ਕੋਨੇ-ਕੋਨੇ ਵਿੱਚ ਵੱਸਦੇ ਹਨ ਅਤੇ ਗੁਰੂ ਸਾਹਿਬ ਦੇ ਦਿੱਤੇ ਸਰਬ-ਸਾਂਝੀਵਾਲਤਾ ਦੇ ਫਲਸਫੇ ਅਨੁਸਾਰ ਆਪਣੀ ਮਿਹਨਤ, ਇਮਾਨਦਾਰੀ ਅਤੇ ਲਿਆਕਤ ਦੇ ਸਦਕਾ ਹਰ ਖੇਤਰ ਵਿੱਚ ਆਪਣੀ ਪਛਾਣ ਸਥਾਪਿਤ ਕਰ ਚੁੱਕੇ ਹਨ। ਇਟਲੀ ਸਰਕਾਰ ਨੂੰ ਸਿੱਖ ਧਰਮ ਦੀ ਵਿਸ਼ਵ ਪ੍ਰਸੰਗਿਕਤਾ ਨੂੰ ਸਮਝਦਿਆਂ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾਲ ਰਹਿਣ ਦਾ ਅਧਿਕਾਰ ਦੇਣਾ ਚਾਹੀਦਾ ਹੈ।

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਭਾਰਤ ਸਥਿਤ ਇਟਲੀ ਦੇ ਦੂਤਾਵਾਸ ਨਾਲ ਸੰਪਰਕ ਕਰਕੇ ਅੰਮ੍ਰਿਤਧਾਰੀ ਸਿੱਖਾਂ ਲਈ ਸ੍ਰੀ ਸਾਹਿਬ ਦੀ ਮਹੱਤਤਾ ਤੋਂ ਜਾਣੂ ਕਰਵਾਏ ਤਾਂ ਜੋ ਇਟਲੀ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਖ਼ਿਲਾਫ਼ ਸ੍ਰੀ ਸਾਹਿਬ ਨੂੰ ‘ਤੇਜ਼ਧਾਰ ਹਥਿਆਰ’ ਸਮਝ ਕੇ ਦਰਜ ਕੀਤੇ ਮਾਮਲੇ ਨੂੰ ਰੱਦ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ – ਕਾਂਗਰਸ ਚੋਣ ਕਮੇਟੀ ਦੀ ਹੋਈ ਮੀਟਿੰਗ, ਜਲਦ ਹੋ ਸਕਦਾ ਉਮੀਦਵਾਰਾਂ ਦਾ ਐਲਾਨ

 

Exit mobile version