The Khalas Tv Blog Punjab ਪੰਜਾਬ ‘ਚ ਗਰੀਬ ਲੋਕਾਂ ਨੂੰ ਕਰੋਨਾ ਵੈਕਸੀਨ ਦਾ ਤੋਹਫਾ
Punjab

ਪੰਜਾਬ ‘ਚ ਗਰੀਬ ਲੋਕਾਂ ਨੂੰ ਕਰੋਨਾ ਵੈਕਸੀਨ ਦਾ ਤੋਹਫਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾਵਾਇਰਸ ਲਗਾਤਾਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਆਕਸੀਜਨ ਅਤੇ ਕਰੋਨਾ ਵੈਕਸੀਨ ਦਾ ਘਾਟ ਹੁੰਦੀ ਜਾ ਰਹੀ ਹੈ। ਪੰਜਾਬ ਵਿੱਚ ਤਾਂ ਕਰੋਨਾ ਵੈਕਸੀਨ ਬਿਲਕੁਲ ਖਤਮ ਹੋਣ ‘ਤੇ ਆ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਕੇਂਦਰ ਸਰਕਾਰ ਨੂੰ ਦੋ ਵਾਰ ਚਿੱਠੀ ਲਿਖ ਕੇ ਪੰਜਾਬ ਵਿੱਚ ਆਕਸੀਜਨ ਅਤੇ ਕਰੋਨਾ ਵੈਕਸੀਨ ਜਲਦ ਸਪਲਾਈ ਕਰਨ ਦੀ ਅਪੀਲ ਵੀ ਕੀਤੀ ਹੈ। ਪਰ ਇਸ ਦਰਮਿਆਨ ਪੰਜਾਬ ਸਰਕਾਰ ਨੇ ਗਰੀਬ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਗਰੀਬ ਲੋਕਾਂ ਦਾ ਮੁਫ਼ਤ ਟੀਕਾਕਰਨ ਕਰਵਾਉਣ ਦਾ ਐਲਾਨ ਕੀਤਾ ਹੈ। ਟੀਕਾਕਰਨ ‘ਤੇ ਖਰਚ ਹੋਣ ਵਾਲੀ ਰਕਮ ਮੁੱਖ ਮੰਤਰੀ ਰਾਹਤ ਫ਼ੰਡ ਵਿੱਚੋਂ ਵਰਤੀ ਜਾਵੇਗੀ। ਪੰਜਾਬ ਸਰਕਾਰ ਨੇ ਪਹਿਲਾਂ ਕੇਂਦਰ ਸਰਕਾਰ ਤੋਂ ਇਸ ਵਾਸਤੇ ਫ਼ੰਡਾਂ ਦੀ ਮੰਗ ਕੀਤੀ ਸੀ, ਪਰ ਕੇਂਦਰ ਸਰਕਾਰ ਦੇ ਮੱਠੇ ਹੁੰਗਾਰੇ ਮਗਰੋਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਿਹਤ ਵਿਭਾਗ ਨੂੰ 18 ਤੋਂ 45 ਸਾਲ ਦੀ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਲਈ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਕੈਪਟਨ ਨੇ ਕਿਹਾ ਕਿ ਜਲਦੀ ਤੋਂ ਜਲਦੀ ਸਪਲਾਈ ਲੈਣ ਲਈ ਭਾਰਤੀ ਸੰਸਥਾ ਸੀਰਮ ਨੂੰ ਤੁਰੰਤ ਵੈਕਸੀਨ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਵੈਕਸੀਨ ਦੀ ਡਿਲਿਵਰੀ 15 ਮਈ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਨਹੀਂ ਹੈ।

ਕੈਪਟਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗਰੀਬਾਂ ਦਾ ਮੁਫ਼ਤ ਟੀਕਾਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਤੋਂ ਇਲਾਵਾ ਸੀਐੱਸਆਰ ਫੰਡਾਂ ਦੀ ਵਰਤੋਂ ਵੀ ਕੀਤੀ ਜਾਵੇ। ਈਐੱਸਆਈਸੀ ਯੋਜਨਾ ਵਿੱਚ ਕਵਰ ਕੀਤੇ ਗਏ ਉਦਯੋਗਿਕ ਵਰਕਰਾਂ ਅਤੇ ਉਸਾਰੀ ਵਰਕਰਾਂ ਲਈ ਉਸਾਰੀ ਵਰਕਰਜ਼ ਭਲਾਈ ਬੋਰਡ ਨੂੰ ਟੀਕਾਕਰਨ ਵਿਚ ਸਹਿਯੋਗ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਉਨ੍ਹਾਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਕਰਦਿਆਂ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰ ਸਮੂਹ ਨੂੰ 29 ਅਪ੍ਰੈਲ ਤੱਕ ਆਪਣੀ ਪਹਿਲੀ ਰਿਪੋਰਟ ਵਿੱਚ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਨੂੰ ਟੀਕਾਕਰਨ ਲਈ ਤਰਜੀਹ ਦੇਣ ਸਬੰਧੀ ਰਣਨੀਤੀ ਪੇਸ਼ ਕਰਨ ਦੀ ਬੇਨਤੀ ਕੀਤੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 45 ਸਾਲ ਤੋਂ ਵੱਧ ਦੀ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਨਾਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਪੰਜਾਬ ਨੂੰ ਹੁਣ ਤੱਕ ਕੋਵੀਸ਼ੀਲਡ ਦੀਆਂ 29,36,770 ਅਤੇ ਕੋਵੈਕਸੀਨ ਦੀਆਂ 3.34 ਲੱਖ ਖੁਰਾਕਾਂ ਮਿਲ ਚੁੱਕੀਆਂ ਹਨ। 22 ਅਪ੍ਰੈਲ ਤੱਕ ਟੀਕਿਆਂ ਦੇ ਉਪਲੱਬਧ ਸਟਾਕ ਵਿੱਚੋਂ ਕੋਵੀਸ਼ੀਲਡ ਦੀਆਂ 25.48 ਲੱਖ ਖੁਰਾਕਾਂ ਅਤੇ ਕੋਵੈਕਸੀਨ ਦੀਆਂ 2.64 ਲੱਖ ਖੁਰਾਕਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ ਜਦਕਿ ਸੂਬੇ ਕੋਲ ਇਸ ਵੇਲੇ ਕੋਵੀਸ਼ੀਲਡ ਦੀਆਂ 2.81 ਲੱਖ ਅਤੇ ਕੋਵੈਕਸੀਨ ਦੀਆਂ 27,400 ਖੁਰਾਕਾਂ ਹਨ। ਕੇਂਦਰੀ ਸਿਹਤ ਮੰਤਰਾਲੇ ਤੋਂ ਕੋਵੀਸ਼ੀਲਡ ਦੀਆਂ 10 ਲੱਖ ਖੁਰਾਕਾਂ ਦੀ ਵਾਧੂ ਸਪਲਾਈ ਦੀ ਮੰਗ ਵੀ ਕੀਤੀ ਗਈ ਸੀ।

Exit mobile version