‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡੇਰਾ ਸਿਰਸਾ ਦੇ ਬਲਾਤਕਾਰੀ ਅਤੇ ਕਾਤਲ ਮੁਖੀ ਰਾਮ ਰਹੀਮ ਦੀ ਪੈਰੋਲ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ‘ਰਾਮ ਰਹੀਮ ਨੂੰ ਪੈਰੋਲ ਦੇਣਾ ਗਲਤ ਹੈ। ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਦੇ ਪ੍ਰਤੀ ਦੋਹਰੀ ਨੀਤੀ ਅਪਣਾ ਰਹੀ ਹੈ। ਸਰਕਾਰ ਨੇ ਹਮੇਸ਼ਾ ਸਿੱਖਾਂ ਦੇ ਨਾਲ ਧੱਕਾ ਕੀਤਾ ਹੈ’।
ਜਥੇਦਾਰ ਨੇ ਕਿਹਾ ਕਿ ‘ਚੰਡੀਗੜ੍ਹ ਦੀ ਬੜੈਲ ਜੇਲ੍ਹ ਵਿੱਚ ਬੰਦ ਕੁੱਝ ਸਿੰਘਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ ਪਰ ਸਰਕਾਰ ਉਨ੍ਹਾਂ ਨੂੰ ਨਾ ਤਾਂ ਰਿਹਾਅ ਕਰ ਰਹੀ ਹੈ ਅਤੇ ਨਾ ਹੀ ਪੈਰੋਲ ਦੇ ਰਹੀ ਹੈ। ਪਰ ਡੇਰਾ ਮੁਖੀ ਨੂੰ ਪੈਰੋਲ ਦੇ ਦਿੱਤੀ ਗਈ ਹੈ। ਇਸ ਲਈ ਉਸਦੀ ਪੈਰੋਲ ਰੱਦ ਕੀਤੀ ਜਾਣੀ ਚਾਹੀਦੀ ਹੈ। ਇਹ ਸਾਰਾ ਕੁੱਝ ਰਾਜਨੀਤੀ ਦੇ ਤਹਿਤ ਕੀਤਾ ਗਿਆ ਹੈ’।