Punjab

ਪੰਜਾਬ ‘ਚ ਅੱਜ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,ਜਾਣੋ ਵਜ੍ਹਾ…

Government buses will not run in Punjab from today, know the reason...

ਚੰਡੀਗੜ੍ਹ : ਅੱਜ ਤੋਂ ਪੰਜਾਬ ਸਰਕਾਰ ਦੀਆਂ ਬੱਸਾਂ ‘ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੀਵਾਲੀ ਤੋਂ ਤਿੰਨ ਦਿਨ ਪਹਿਲਾਂ ਸੂਬੇ ਵਿੱਚ ਸਰਕਾਰੀ ਬੱਸਾਂ ਹੜਤਾਲ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ ’ਤੇ ਚਲੀ ਗਈ ਹੈ।

ਇਸ ਗੱਲ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕੀਤੀ ਹੈ। ਹਾਲਾਂਕਿ, ਇਸ ਸਮੇਂ ਦੌਰਾਨ, ਪਨਬੱਸ ਅਤੇ ਪੀਆਰਟੀਸੀ ਦੀ ਵੋਲਵੋ ਬੱਸ ਸੇਵਾ ਵੱਖ-ਵੱਖ ਸ਼ਹਿਰਾਂ ਤੋਂ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਏਅਰਪੋਰਟ ਨਵੀਂ ਦਿੱਲੀ ਲਈ ਫ਼ਿਲਹਾਲ ਜਾਰੀ ਰਹੇਗੀ। ਦੂਜੇ ਪਾਸੇ ਹੜਤਾਲ ਦੀ ਚਿਤਾਵਨੀ ਤੋਂ ਬਾਅਦ ਪਨਬੱਸ ਵਿੱਚ ਆਊਟਸੋਰਸ ਅਤੇ ਠੇਕੇ ਦੇ ਆਧਾਰ ’ਤੇ ਕੰਮ ਕਰਦੇ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਸਟਾਫ਼ ਦੀ ਮੌਜੂਦਾ ਤਨਖ਼ਾਹ ਵਿੱਚ ਪਹਿਲੀ ਅਕਤੂਬਰ ਤੋਂ ਪੰਜ ਫ਼ੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ 2500 ਤੋਂ ਜ਼ਿਆਦਾ ਸਰਕਾਰੀ ਬੱਸਾਂ ਕੱਲ੍ਹ ਨੂੰ ਬੰਦ ਰਹਿਣਗੀਆਂ ਅਤੇ ਲਗਭਗ 6000 ਮੁਲਾਜ਼ਮ ਭਲਕੇ ਹੜਤਾਲ ਉਪਰ ਰਹੇਗਾ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਣਗੀਆਓਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਦੀਵਾਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ ਦੀਆਂ ਸੜਕਾਂ ਉਪਰ ਦੋ ਦਿਨਾਂ ਤੱਕ ਬੱਸਾਂ ਦੀ ਆਵਾਜਾਈ ਨਹੀਂ ਦਿਸੇਗੀ। ਕਾਬਿਲੇਗੌਰ ਹੈ ਕਿ ਠੇਕਾ ਵਰਕਰ ਯੂਨੀਅਨ ਵੱਲੋਂ ਕੁਝ ਮੰਗਾਂ ਰੱਖੀਆਂ ਗਈਆਂ ਹਨ, ਇਸ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਇਜ਼ਾਫੇ ਦੀ ਮੰਗ ਵੀ ਰੱਖੀ ਗਈ ਹੈ।

ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਅਨੁਸਾਰ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਸੀ ਕਿ ਠੇਕੇ ਜਾਂ ਆਊਟਸੋਰਸ ਜ਼ਰੀਏ ਭਰਤੀ ਨਹੀਂ ਕੀਤੀ ਜਾਵੇਗੀ, ਪਰ ਹੁਣ ਵੀ ਆਊਟਸੋਰਸ ਦੇ ਆਧਾਰ ‘ਤੇ ਮੁਲਾਜ਼ਮ ਰੱਖੇ ਜਾ ਰਹੇ ਹਨ।

ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਜ਼ਰੂਰ ਦਿੱਤਾ ਜਾਂਦਾ ਹੈ ਪਰ ਅੱਜ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ।