Punjab

ਸਰਕਾਰੀ ਕਰਮਚਾਰੀਆਂ ਨੇ ਹੜਤਾਲ ਲਈ ਵਾਪਸ , ਰੋਪੜ ਦੇ ਵਿਧਾਇਕ ਨੇ ਦਿੱਤਾ ਸਪਸ਼ਟੀਕਰਨ

Government employees back for strike, Ropar MLA gave clarification

ਰੂਪਨਗਰ : ਪਿਛਲੇ ਕਈ ਦਿਨਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਦੇ ਖ਼ਿਲਾਫ਼ ਹੜਤਾਲ ‘ਤੇ ਬੈਠੇ ਪੰਜਾਬ ਦੇ ਡੀ ਸੀ ਦਫ਼ਤਰਾਂ ਅਤੇ ਤਹਿਸੀਲਾਂ ਦੇ ਸਰਕਾਰੀ ਕਰਮਚਾਰੀਆਂ ਨੇ ਬੁੱਧਵਾਰ ਦੇਰ ਰਾਤ ਵਿਧਾਇਕ ਦੇ ਕਹਿਣ ’ਤੇ ਹੜਤਾਲ ਵਾਪਸ ਲੈ ਲਈ ਹੈ।

ਪੰਜਾਬ ਦੇ ਸਾਰੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਲਈ ਸੀ ਅਤੇ ਸਾਰੇ ਮੁਲਾਜ਼ਮ ਰੋਪੜ ਵਿੱਚ ਵਿਧਾਇਕ ਦਿਨੇਸ਼ ਚੱਢਾ ਦੇ ਖ਼ਿਲਾਫ਼ ਇਕੱਠੇ ਹੋ ਕੇ ਹੜਤਾਲ ‘ਤੇ ਬੈਠੇ ਸਨ। ਬੁੱਧਵਾਰ ਰਾਤ ਨੂੰ ਵਿਧਾਇਕ ਦਿਨੇਸ਼ ਚੱਢਾ ਨੇ ਫੇਸਬੁੱਕ ’ਤੇ ਇਕ ਪੋਸਟ ਪਾ ਕੇ ਸਪਸ਼ਟ ਕੀਤਾ ਕਿ ਡੀ ਸੀ ਦਫ਼ਤਰ ਦੀ ਚੈਕਿੰਗ ਦੌਰਾਨ ਉਨ੍ਹਾਂ ਦਾ ਕਿਸੇ ਮੁਲਾਜ਼ਮ ਨੂੰ ਠੇਸ ਪੁਚਾਉਣ ਦਾ ਕੋਈ ਇਰਾਦਾ ਨਹੀਂ ਸੀ। ਉਨ੍ਹਾਂ ਨੇ ਕਰਮਚਾਰੀਆਂ ਨੂੰ ਕੰਮ ’ਤੇ ਪਰਤਣ ਦੀ ਅਪੀਲ ਕੀਤੀ ਅਤੇ ਜਿਸ ਮਗਰੋਂ ਸਰਕਾਰੀ ਕਰਮਚਾਰੀਆਂ ਨੇ ਹੜਤਾਲ ਵਾਪਸ ਲੈ ਲਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ, ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਜਸਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਤਹਿਸੀਲਦਾਰ ਰੂਪਨਗਰ ਦੇ ਦਫ਼ਤਰ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ ਕਰਨ ਉੱਤੇ ਉਹਨਾਂ ਦੇ ਮਾਨ ਸਨਮਾਨ ਨੂੰ ਠੇਸ ਪਹੁੰਚਣ ਦੇ ਰੋਸ ਵਜੋਂ ਜ਼ਿਲ੍ਹੇ ਰੂਪਨਗਰ ਵਿਖੇ ਕਲਮ ਛੋੜ ਹੜਤਾਲ ਕੀਤੀ ਗਈ ਸੀ। ਜਿਸ ਸਬੰਧੀ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹਨਾਂ ਦਾ ਕਰਮਚਾਰੀਆਂ ਦੇ ਮਾਨ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਇਸ ਸਬੰਧਿਤ ਵਿਧਾਇਕ ਵੱਲੋਂ ਸੋਸ਼ਲ ਮੀਡੀਆ ਵਿਖੇ ਵੀਡੀਓ ਅੱਪਲੋਡ ਕੀਤੀ ਗਈ ਹੈ।

ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਜਥੇਬੰਦੀ ਵੱਲੋਂ ਸਹਿਮਤੀ ਪ੍ਰਗਟਾਈ ਹੈ ਕਿ ਆਮ ਜਨਤਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਜ਼ਿਲ੍ਹਾ ਰੂਪਨਗਰ ਵਿਖੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ, ਜਥੇਬੰਦੀਆਂ ਵੱਲੋਂ ਆਪਣੀ ਕਲਮ ਛੋੜ ਹੜਤਾਲ ਵਾਪਸ ਲਈ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਦੇ ਸਾਰੇ ਮੁਲਾਜ਼ਮ ਕੱਲ੍ਹ ਸਵੇਰ ਤੋਂ ਆਪਣੇ ਦਫ਼ਤਰਾਂ ਵਿਖੇ ਡਿਊਟੀ ਨਿਭਾਉਣਗੇ।

ਜ਼ਿਕਰਯੋਗ ਹੈ ਕਿ ਡੀ ਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਵਿਧਾਇਕ ਦਿਨੇਸ਼ ਚੱਢਾ ’ਤੇ ਪਰੇਸ਼ਾਨ ਤੇ ਬਦਸਲੂਕੀ ਕਰਨ ਦਾ ਦੋਸ਼ ਲਗਾਇਆ ਸੀ। ਇਸ ਕਾਰਨ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਰੋਪੜ ਨੇ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਸੀ।