Khetibadi Punjab

ਪੰਜਾਬ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਰਹੀ ਹੈ। ਸੂਬਾ ਸਰਕਾਰ ਨੇ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਹਕੀਕਤ ਇਹ ਹੈ ਕਿ ਮਾਲਵਾ ਖ਼ਿੱਤੇ ’ਚ ਕਣਕ ਦੀ ਵਾਢੀ ਵਿਸਾਖੀ ਦੇ ਆਸ-ਪਾਸ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੌਸਮ ਢੁੱਕਵਾਂ ਰਹਿਣ ਕਰਕੇ ਕਿਸਾਨ ਇਸ ਵਾਰ ਹੌਸਲੇ ਵਿੱਚ ਵੀ ਹਨ ਅਤੇ ਤਸੱਲੀ ਵਿੱਚ ਵੀ ਹਨ। ਆਮ ਤੌਰ ’ਤੇ ਕਿਸਾਨਾਂ ਦੀ ਪੱਕੀ ਫ਼ਸਲ ਕੁਦਰਤੀ ਆਫ਼ਤਾਂ ਦੀ ਭੇਟ ਚੜ੍ਹਦੀ ਰਹੀ ਹੈ। ਐਤਕੀਂ ਕਾਫ਼ੀ ਹੱਦ ਤੱਕ ਇਸ ਤੋਂ ਬਚਾਅ ਰਿਹਾ ਹੈ। ਮੌਸਮ ਠੰਢਾ ਰਿਹਾ ਜਿਸ ਕਰਕੇ ਕਣਕ ਦੇ ਝਾੜ ਨੂੰ ਵੀ ਲੈ ਕੇ ਕਿਸਾਨ ਆਸਵੰਦ ਹਨ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪੰਜਾਬ ਨੂੰ 28 ਹਜ਼ਾਰ ਕਰੋੜ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ। ਸਮੁੱਚੇ ਸੂਬੇ ਵਿੱਚ ਕਰੀਬ 1864 ਖ਼ਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ 700 ਦੇ ਕਰੀਬ ਆਰਜ਼ੀ ਮੰਡੀਆਂ ਵੀ ਤਿਆਰ ਕੀਤੀਆਂ ਗਈਆਂ ਹਨ।

ਮੌਸਮ ’ਚ ਕੋਈ ਫੇਰਬਦਲ ਨਾ ਹੋਇਆ ਤਾਂ ਐਤਕੀਂ ਕਣਕ ਦਾ ਸੀਜ਼ਨ ਜਲਦੀ ਨਿਬੜ ਸਕਦਾ ਹੈ। ਸੂਬਾ ਸਰਕਾਰ ਨੇ ਇਸ ਵਾਰ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਹੈ ਜਦੋਂ ਕਿ ਪਿਛਲੇ ਸਾਲ ਇਹ ਟੀਚਾ 132 ਲੱਖ ਮੀਟਰਿਕ ਟਨ ਸੀ। ਸਰਕਾਰੀ ਸੂਤਰਾਂ ਮੁਤਾਬਕ ਮੰਡੀਆਂ ਵਿੱਚ 132 ਲੱਖ ਮੀਟਰਿਕ ਟਨ ਕਣਕ ਖ਼ਰੀਦਣ ਦੇ ਹੀ ਪ੍ਰਬੰਧ ਕੀਤੇ ਗਏ ਹਨ।