ਮੁਹਾਲੀ : ਪੰਜਾਬ ਵਿਚ ਕਣਕ ਦੀ ਸਰਕਾਰੀ ਖ਼ਰੀਦ 1 ਅਪਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਨੇ ਖ਼ਰੀਦ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ‘ਆਪ’ ਸਰਕਾਰ ਦਾ ਕਣਕ ਖ਼ਰੀਦ ਦਾ ਆਖ਼ਰੀ ਸੀਜ਼ਨ ਹੈ। ਸਰਕਾਰ ਨੇ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦਣ ਦਾ ਟੀਚਾ ਰੱਖਿਆ ਹੈ, ਪਰ ਵਿਭਾਗ ਨੇ 132 ਲੱਖ ਮੀਟ੍ਰਿਕ ਟਨ ਖ਼ਰੀਦ ਲਈ ਪੂਰੀ ਤਿਆਰੀ ਕਰ ਲਈ ਹੈ।
ਸੂਬੇ ਵਿਚ ਇਸ ਵਾਰ 1897 ਖ਼ਰੀਦ ਕੇਂਦਰ ਬਣਾਏ ਗਏ ਹਨ ਅਤੇ 266 ਆਰਜ਼ੀ ਖ਼ਰੀਦ ਕੇਂਦਰ ਬਣਾਉਣ ਦੀ ਯੋਜਨਾ ਹੈ। ਅਪਰੈਲ ਮਹੀਨੇ ਲਈ ਸਰਕਾਰ ਨੂੰ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀਸੀਐੱਲ) ਮਿਲ ਗਈ ਹੈ। ਭੰਡਾਰਨ ਦੀ ਵੱਡੀ ਸਮੱਸਿਆ ਕਾਰਨ ਸਰਕਾਰ ਨੇ ਕੇਂਦਰ ਸਰਕਾਰ ਤੋਂ ਲਗਭਗ 22 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿਚੋਂ ਸਿੱਧੀ ਚੁੱਕਵਾਈ ਕਰਨ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਅਜੇ ਤੱਕ ਪਿਛਲੇ ਸਾਲ ਦੀ ਭੰਡਾਰ ਕੀਤੀ ਕਣਕ ਵੀ ਨਹੀਂ ਚੁੱਕ ਰਹੀ। ਸਰਕਾਰ ਵੱਲੋਂ ਸਾਫ਼ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਮੰਡੀਆਂ ਵਿਚੋਂ ਫ਼ਸਲ ਸਿੱਧੀ ਨਾ ਚੁੱਕੀ ਗਈ ਤਾਂ ਕਾਨੂੰਨ ਵਿਵਸਥਾ ਬਿਗੜ ਸਕਦੀ ਹੈ।
ਮੌਸਮ ਕਾਰਨ ਕਣਕ ਦੀ ਆਮਦ ਵਿਚ ਕੁਝ ਦੇਰੀ ਹੋਣ ਦੀ ਸੰਭਾਵਨਾ ਹੈ। ਬੀਤੇ ਕੁਝ ਦਿਨਾਂ ਵਿਚ ਵਰਖਾ ਨੇ ਕਈ ਜ਼ਿਲ੍ਹਿਆਂ ਵਿਚ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਨਮੀ ਕਾਰਨ ਵਾਢੀ ਵਿਚ ਦੇਰੀ ਹੋ ਰਹੀ ਹੈ। ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰਾਂ ਨੂੰ ਹਦਾਇਤ ਕੀਤੀ ਕਿ ਬਾਹਰਲੇ ਰਾਜਾਂ ਵਿਚ ਕਣਕ ਵਿਕਰੀ ’ਤੇ ਸਖ਼ਤ ਨਜ਼ਰ ਰੱਖੀ ਜਾਵੇ।
ਮੰਤਰੀ ਨੇ ਹਰੇਕ ਮੰਡੀ ਵਿਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਬਾਰਦਾਨੇ ਦੀ ਉਪਲਬਧਤਾ ਲਈ ਇੰਸਪੈਕਟਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਤਰਪਾਲਾਂ, ਲੱਕੜੀ ਦੇ ਕਰੇਟ ਆਦਿ ਦੇ ਪੁਖ਼ਤਾ ਪ੍ਰਬੰਧ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ। ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਪਲਾਈ ਨੂੰ ਲਗਾਤਾਰ ਬਣਾਈ ਰੱਖਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ।
ਇਸ ਮੌਕੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਵੀ ਹਾਜ਼ਰ ਸਨ। ਇਸ ਸੀਜ਼ਨ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਘੱਟੋ-ਘੱਟ ਮੁਸੀਬਤ ਆਵੇ।

