ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਉਹ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹੇ ਘੁੰਮ ਚੁੱਕੇ ਹਨ। ਉਹ ਰਾਜਭਵਨ ਵਿਚ ਬੈਠਣ ਵਾਲੇ ਰਾਜਪਾਲ ਨਹੀਂ ਹਨ।
ਪ੍ਰਸ਼ਾਸਕ ਨੇ ਕਿਹਾ ਕਿ ਉਹ 7 ਤੇ 8 ਜੂਨ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਜਾ ਰਹੇ ਹਨ. ਇਸ ਵਾਰ ਉਹ ਪਿੰਡਾਂ ਵਿਚ ਵੀ ਜਾਣਗੇ ਤੇ ਲੋਕਾਂ ਨਾਲ ਗੱਲਬਾਤ ਕਰਨਗੇ। ਇਹ ਸਮਝਣ ਦੀ ਕੋਸ਼ਿਸ਼ ਕਰਨਗੇ ਕਿ ਉਥੇ ਕੀ ਹਾਲਾਤ ਹਨ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦਾ ਇਹ ਪੰਜਵਾਂ ਦੌਰਾ ਹੋਵੇਗਾ।
ਪੁਰੋਹਿਤ ਨੇ ਕਿਹਾ ਕਿ ਉਹ ਰਾਜ ਭਵਨ ਵਿੱਚ ਬੈਠੇ ਰਾਜਪਾਲ ਨਹੀਂ ਹਨ। ਹੁਣ ਤੱਕ ਉਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ। ਪਿਛਲੇ ਦੌਰਿਆਂ ਤੋਂ ਬਾਅਦ ਰਾਜਪਾਲ ਨੇ ਸੂਬਾ ਸਰਕਾਰ ਨੂੰ ਕਈ ਸੁਝਾਅ ਦਿੱਤੇ ਸਨ। ਇਸ ਸਵਾਲ ‘ਤੇ ਕਿ ਇਨ੍ਹਾਂ ਸੁਝਾਵਾਂ ‘ਤੇ ਹੁਣ ਤੱਕ ਕੀ ਕਾਰਵਾਈ ਹੋਈ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਦੌਰਿਆਂ ਦੇ ਬਹੁਤ ਸਾਰੇ ਫਾਇਦੇ ਹਨ। ਕੇਂਦਰ ਅਤੇ ਰਾਜ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਮਿਲ ਕੇ ਕੰਮ ਕਰਦੀਆਂ ਹਨ। ਆਪਸ ਵਿੱਚ ਗੱਲਬਾਤ ਹੁੰਦੀ ਹੈ। ਜਿੰਮੇਵਾਰੀ ਨਿਸ਼ਚਿਤ ਕੀਤੀ ਜਾਂਦੀ ਹੈ, ਜਿਸ ਦਾ ਅਸਰ ਸਰਹੱਦ ‘ਤੇ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਦੇ ਰੂਪ ‘ਚ ਵੀ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਸੁਰੱਖਿਆ ਬਹੁਤ ਸਖ਼ਤ ਹੋ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਰਾਜਪਾਲ ਪੁਰੋਹਿਤ 7 ਅਤੇ 8 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦਾ ਦੌਰਾ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਫਰਵਰੀ ਵਿੱਚ ਸਰਹੱਦੀ ਜ਼ਿਲ੍ਹਿਆਂ ਦੀ ਪਿਛਲੀ ਫੇਰੀ ਦੌਰਾਨ ਰਾਜਪਾਲ ਨੇ ਨਸ਼ਿਆਂ ਦੀ ਸਮੱਸਿਆ ਬਾਰੇ ਗੱਲ ਕੀਤੀ ਸੀ।