Punjab Religion

ਰਾਜਪਾਲ ਕਟਾਰੀਆ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਹੋਏ ਨਤਮਸਤਕ, SGPC ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਵੀ ਮੌਜੂਦ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹੁਦੇਦਾਰਾਂ ਨੇ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨਿਤ ਕੀਤਾ। ਰਾਜਪਾਲ ਪੰਜਾਬ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਕਰੀਬ ਇੱਕ ਘੰਟਾ ਰੁਕੇ, ਜਿਸ ਦੌਰਾਨ ਉਹ ਲੰਗਰ ਘਰ ਵੀ ਗਏ।

ਇਸੇ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਜੇ ਅੱਜ ਦੇਸ਼ ਦੀ ਧਰਮ ਸੰਸਕ੍ਰਿਤੀ, ਪਰੰਪਰਾਵਾਂ ਤੇ ਸੱਭਿਆਚਾਰ ਸੁਰੱਖਿਅਤ ਹੈ ਤਾਂ ਉਹ ਸਿੱਖ ਗੁਰੂ ਸਾਹਿਬਾਨ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਧਰਮ ਸੰਸਕ੍ਰਿਤੀ ਬਚਾਉਣ ਲਈ ਸਿੱਖ ਗੁਰੂ ਸਾਹਿਬਾਨ ਨੇ ਜੋ ਯੋਗਦਾਨ ਤੇ ਕੁਰਬਾਨੀ ਦਿੱਤੀ ਹੈ ਉਹ ਇਤਿਹਾਸ ਵਿੱਚ ਅਮਰ ਹੈ। ਉਨ੍ਹਾਂ ਸ੍ਰੀ ਗੋਇੰਦਵਾਲ ਸਾਹਿਬ ਦਾ ਖਾਸ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਗੁਰੂ ਸਾਹਿਬ ਨੇ ਇੱਕ ਪੰਗਤ ਤੇ ਇੱਕ ਸੰਗਤ ਦਾ ਇਤਿਹਾਸ ਦਿੱਤਾ ਜੋ ਮਨੁੱਖੀ ਬਰਾਬਰੀ ਦੀ ਵਿਲੱਖਣ ਉਦਾਹਰਨ ਹੈ, ਜਿੱਥੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਹਾਨਤਾ ਏਨੀ ਵੱਡੀ ਸੀ ਕਿ ਇੱਥੇ ਆਏ ਅਕਬਰ ਬਾਦਸ਼ਾਹ ਨੇ ਵੀ ਪਹਿਲਾਂ ਪੰਗਤ ਵਿੱਚ ਬੈਠ ਕੇ ਪਰਸ਼ਾਦਾ ਛਕਿਆ ਸੀ।

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਹ ਇੱਕ ਅਧਿਆਪਕ ਹਨ, ਸਿੱਖ ਗੁਰੂ ਸਾਹਿਬਾਨ ਦਾ ਇਤਿਹਾਸ ਪਹਿਲਾਂ ਪਾਠ ਪੁਸਤਕਾਂ ਵਿੱਚ ਪੜ੍ਹਨ ਨੂੰ ਮਿਲਦਾ ਸੀ, ਲੇਕਿਨ ਹੌਲੀ-ਹੌਲੀ ਸਾਡੇ ਦੇਸ਼ ਨੇ ਉਸ ਨੂੰ ਪਾਠ ਪੁਸਤਕਾਂ ਤੋਂ ਅਲੱਗ ਕੀਤਾ ਹੈ। ਰਾਜਪਾਲ ਪੰਜਾਬ ਨੇ ਕਿਹਾ ਕਿ ਉਨ੍ਹਾਂ ਨੇ ਸਿੱਖ ਗੁਰੂ ਸਾਹਿਬਾਨ ਖਾਸਕਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਇਤਿਹਾਸ ਪੜ੍ਹਿਆ ਹੈ, ਜੋ ਕਿ ਬਹੁਤ ਹੀ ਸੰਘਰਸ਼ਮਈ ਤੇ ਪ੍ਰੇਰਣਾਦਾਇਕ ਹੈ।

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਗੱਲ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਇਸ ਤੋਂ ਵੱਡਾ ਕੁਰਬਾਨੀ ਸ਼ਾਇਦ ਹੀ ਕੋਈ ਹੋਵੇਗੀ ਕਿ ਆਪਣੇ ਧਰਮ ਪੰਥ ਨੂੰ ਬਚਾਉਣ ਲਈ ਚਾਰੋਂ ਸਾਹਿਬਜ਼ਾਦੇ ਕੁਰਬਾਨ ਕਰ ਦਿੱਤੇ। ਉਨ੍ਹਾਂ ਦੇਸ਼ਵਾਸੀਆਂ ਨੂੰ ਗੁਰੂ ਸਾਹਿਬਾਨ ਤੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਗੱਲ ਆਖੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਤੇ ਸ੍ਰੀ ਗੁਰੂ ਰਾਮਦਾਸ ਜੀ ਨਾਲ ਸਬੰਧਤ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਖੁਸ਼ੀ ਤੇ ਸੁਭਾਗਾ ਮਹਿਸੂਸ ਕਰ ਰਹੇ ਹਨ। ਰਾਜਪਾਲ ਪੰਜਾਬ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਦੇਸ਼ ਅਤੇ ਸੂਬੇ ਵਿੱਚ ਅਮਨ ਸ਼ਾਂਤੀ, ਭਾਈਚਾਰੇ ਤੇ ਤਰੱਕੀ ਦੀ ਅਰਦਾਸ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਵਾਗਤ ਤੇ ਸਨਮਾਨ ਕਰਨ ਉੱਤੇ ਵੀ ਧੰਨਵਾਦ ਕੀਤਾ।