India Punjab

NHAI ਦੇ ਮਸਲੇ ’ਤੇ ਮੁੱਖ ਮੰਤਰੀ ਤੋਂ ਪਹਿਲਾਂ ਰਾਜਪਾਲ ਨੇ ਸੱਦੀ ਮੀਟਿੰਗ! ਅਧਿਕਾਰੀਆਂ ਨੂੰ ਦਿੱਤੇ ਖ਼ਾਸ ਆਦੇਸ਼

ਬਿਉਰੋ ਰਿਪੋਰਟ: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਮੀਨ ਗ੍ਰਹਿਣ ਵਿੱਚ ਦੇਰੀ ਕਾਰਨ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਕੇਂਦਰ ਦੀ ਧਮਕੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਇਲਾਵਾ ਰੇਲਵੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ ਹਨ।

ਉੱਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਾਈਵੇਅ ਬਣਾਉਣ ਲਈ ਜ਼ਮੀਨ ਐਕੁਆਇਰ ਕਰਨ ਦੇ ਮਸਲੇ ਹੱਲ ਕਰਨ ਲਈ ਗੁਰਦਾਸਪੁਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਕਿਸਾਨ ਆਗੂਆਂ ਨਾਲ 16 ਅਗਸਤ ਨੂੰ ਮੀਟਿੰਗ ਸੱਦ ਲਈ ਹੈ। ਇਸ ਦੇ ਬਾਵਜੂਦ ਰਾਜਪਾਲ ਨੇ ਇੰਤਜ਼ਾਰ ਕਰਨ ਦੀ ਬਜਾਏ ਖ਼ੁਦ ਮੀਟਿੰਗ ਬੁਲਾ ਕੇ ਅਧਿਕਾਰੀਆਂ ਤੋਂ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਰਾਜਪਾਲ ਵੱਲੋਂ ਅਚਾਨਕ ਸੱਦੀ ਗਈ ਮੀਟਿੰਗ ਤੋਂ ਬਾਅਦ ਸੂਬਾ ਸਰਕਾਰ ਇੱਕ ਵਾਰ ਫਿਰ ਸੋਚਣ ਲਈ ਮਜਬੂਰ ਹੋ ਗਈ ਹੈ। ਮੀਟਿੰਗ ਵਿੱਚ ਰਾਜਪਾਲ ਨੇ ਅਧਿਕਾਰੀਆਂ ਨੂੰ ਸਾਰੇ ਕੇਂਦਰੀ ਪ੍ਰਾਜੈਕਟਾਂ ਵਿੱਚ ਦੇਰੀ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਪ੍ਰੋਜੈਕਟ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਲਿਖਤੀ ਰੂਪ ਵਿੱਚ ਰਿਕਾਰਡ ’ਤੇ ਲਿਆਂਦਾ ਜਾਵੇ, ਤਾਂ ਜੋ ਕੇਂਦਰ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਅਜਿਹੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ।

ਹਰ 3 ਮਹੀਨੇ ਬਾਅਦ ਕਰਨਗੇ ਬੈਠਕ

ਰਾਜਪਾਲ ਕਟਾਰੀਆ ਨੇ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਪ੍ਰਾਪਤ ਕਰਨ ਲਈ ਹਰ 3 ਮਹੀਨਿਆਂ ਬਾਅਦ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਸਮੇਂ-ਸਮੇਂ ’ਤੇ ਲਿਖਤੀ ਤੌਰ ’ਤੇ ਜਾਣੂ ਕਰਵਾਇਆ ਜਾਵੇ।

ਰਾਜਪਾਲ ਨੇ ਚੰਡੀਗੜ੍ਹ ਵਿੱਚ ਭਾਰੀ ਆਵਾਜਾਈ ਦੇ ਮੁੱਦੇ ’ਤੇ ਵੀ ਚਰਚਾ ਕੀਤੀ। ਇਸ ਮੁੱਦੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ NHAI ਅਧਿਕਾਰੀਆਂ ਨੇ ਕਿਹਾ ਕਿ ਪੰਚਕੂਲਾ ਤੋਂ ਸ਼ਿਮਲਾ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਨਾਲ ਸਮੱਸਿਆ ਕਾਫੀ ਹੱਦ ਤੱਕ ਘੱਟ ਜਾਵੇਗੀ।

ਤਣਾਅ ਵਧਣ ਦੀਆਂ ਸੰਭਾਵਨਾਵਾਂ

ਰਾਜਪਾਲ ਕਟਾਰੀਆ ਨੇ ਕੇਂਦਰੀ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਪੰਜਾਬ ਸਰਕਾਰ ਨਾਲ ਕੋਈ ਪੱਤਰ ਵਿਹਾਰ ਨਹੀਂ ਕੀਤਾ ਹੈ ਪਰ ਫਿਰ ਵੀ ਉਨ੍ਹਾਂ ਵੱਲੋਂ ਬੁਲਾਈ ਗਈ ਮੀਟਿੰਗ ਕਾਰਨ ਸਵਾਲ ਖੜ੍ਹੇ ਹੋ ਗਏ ਹਨ। ਸਾਬਕਾ ਰਾਜਪਾਲ ਨਾਲ ਸਬੰਧਾਂ ਵਿੱਚ ਆਈ ਖਟਾਸ ਤੋਂ ਬਾਅਦ ਨਵੇਂ ਰਾਜਪਾਲ ਕਟਾਰੀਆ ਦੇ ਰਵੱਈਏ ਨੇ ਰਾਜ ਸਰਕਾਰ ਅਤੇ ਅਧਿਕਾਰੀਆਂ ਵਿੱਚ ਹਲਚਲ ਮਚਾ ਦਿੱਤੀ ਹੈ।