The Khalas Tv Blog Punjab ਖਿਡਾਰੀਆਂ ਲਈ ਵੱਡੀ ਖ਼ਬਰ
Punjab

ਖਿਡਾਰੀਆਂ ਲਈ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਇੱਕ ਵੱਡਾ ਐਲਾਨ ਕੀਤਾ ਹੈ, ਜਿਸ ਨਾਲ ਖਿਡਾਰੀਆਂ ਨੂੰ ਰੁਜ਼ਗਾਰ ਦਾ ਮੌਕਾ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਚੰਨੀ ਨੇ ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਕਿਹਾ ਹੈ। ਚੰਨੀ ਨੇ ਸਾਰੇ ਖਿਡਾਰੀਆਂ ਨੂੰ ਯੋਗਤਾ ਅਨੁਸਾਰ ਪੀ.ਸੀ.ਐੱਸ. ਜਾਂ ਡੀ.ਐੱਸ.ਪੀ. ਜਾਂ ਖੇਡ ਵਿਭਾਗ ਵਿੱਚ ਇਸ ਦੇ ਬਰਾਬਰ ਦਾ ਕੋਈ ਵੀ ਅਹੁਦਾ ਲੈਣ ਦੀ ਖੁੱਲ੍ਹੀ ਪੇਸ਼ਕਸ਼ ਵੀ ਕੀਤੀ ਹੈ।

ਚੰਨੀ ਨੇ ਇਹ ਐਲਾਨ ਮੁੱਖ ਮੰਤਰੀ ਦਫਤਰ ਵਿਖੇ ਦੂਜੀ ਕੈਬਨਿਟ ਮੀਟਿੰਗ ਦੌਰਾਨ ਸਾਰੇ ਹਾਕੀ ਖਿਡਾਰੀਆਂ ਸਾਹਮਣੇ ਕੀਤਾ। ਚੰਨੀ ਨੇ ਹਰ ਖਿਡਾਰੀ ਦੇ ਨਾਮ ਉੱਤੇ ਇੱਕ ਵੱਡਾ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ।

ਓਲੰਪਿਕ ਖੇਡਾਂ ਵਿੱਚ 41 ਸਾਲ ਬਾਅਦ ਹਾਕੀ ਟੀਮ ਵੱਲੋਂ ਤਗਮਾ ਜਿੱਤਣ ਦੀ ਖੁਸ਼ੀ ਵਿੱਚ ਸਾਰੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਕੱਲ੍ਹ ਦੀ ਕੈਬਨਿਟ ਮੀਟਿੰਗ ਵਿੱਚ ਉਚੇਚੇ ਤੌਰ ਉੱਤੇ ਬੁਲਾਇਆ ਗਿਆ ਸੀ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਾਕੀ ਟੀਮ ਨੇ ਨਾ ਸਿਰਫ ਪੰਜਾਬ ਸਗੋਂ ਦੇਸ਼ ਦਾ ਵੀ ਨਾਮ ਰੌਸ਼ਨ ਕੀਤਾ ਹੈ। ਪੰਜਾਬ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 11 ਖਿਡਾਰੀ ਸੂਬੇ ਦੇ ਸਨ। ਉਨ੍ਹਾਂ ਨਾਲ ਹੀ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਨੌਕਰੀ ਦੇ ਨਾਲ ਆਪਣੀ ਖੇਡ ਜਾਰੀ ਰੱਖਣ ਅਤੇ ਹੋਰ ਮੱਲਾਂ ਮਾਰਨ। ਇਸ ਤੋਂ ਬਾਅਦ ਵੀ ਉਹ ਹਾਕੀ ਖੇਡ ਨਾਲ ਜੁੜੇ ਰਹਿਣ ਅਤੇ ਨਵੀਂ ਉਮਰ ਦੇ ਖਿਡਾਰੀਆਂ ਨੂੰ ਸਿਖਲਾਈ ਦੇਣ।

Exit mobile version