The Khalas Tv Blog Punjab ਮੁੱਖ ਮੰਤਰੀ ਮਾਨ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
Punjab Religion

ਮੁੱਖ ਮੰਤਰੀ ਮਾਨ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਜਗਮਗ ਨਾਲ ਨਾ ਸਿਰਫ਼ ਹਰ ਘਰ ਰੌਸ਼ਨ ਹੁੰਦਾ ਹੈ, ਸਗੋਂ ਇਹ ਹਨੇਰੇ ‘ਤੇ ਚਾਨਣ ਦੀ ਜਿੱਤ, ਬੁਰਾਈ ‘ਤੇ ਚੰਗਿਆਈ ਅਤੇ ਨਿਰਾਸ਼ਾ ‘ਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ | ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਦੀਵਾਲੀ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ ਅਤੇ ਨਾਲ ਹੀ ਭਾਈਚਾਰਕ ਸਾਂਝ, ਅਮਨ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਸ਼ੁਭ ਮੌਕੇ ‘ਤੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ: ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ: ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ, ਡਾ: ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਮਹਿੰਦਰ ਭਗਤ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ ਅਤੇ ਇਸ ਨੂੰ ਸਾਰਿਆਂ ਨੂੰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ।

ਕੈਬਨਿਟ ਮੰਤਰੀਆਂ ਨੇ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ‘ਤੇ ਸਮੂਹ ਸੰਗਤਾਂ ਖਾਸ ਕਰਕੇ ਸਿੱਖ ਕੌਮ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਵੀ ਦਿੱਤੀ।

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੁੂੰ ਵੱਡਾ ਤੋਹਫਾ

ਦੀਵਾਲੀ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ 4 ਫੀਸਦੀ DA ਵਿੱਚ ਵਾਧਾ ਕੀਤਾ ਹੈ। ਪੰਜਾਬ ਸਰਕਾਰ ਨੇ 1 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸੂਬੇ ਦੇ ਸਾਢੇ 6 ਲੱਖ ਤੋਂ ਵੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕਾਫੀ ਲਾਭ ਹੋਵੇਗਾ।

 

Exit mobile version