Punjab

ਜਲੰਧਰ ‘ਚ BJP ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ, ਮਾਨ ਸਰਕਾਰ ਦੇ ਦੁਆਲੇ ਹੋਏ ਵਿਰੋਧੀ

ਕੱਲ੍ਹ ਦੇਰ ਰਾਤ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ‘ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਗ਼ਨੀਮਤ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਮਾਮਲੇ ਨੂੰ ਲੈ ਕੇ ਵਿਰੋਧੀਆਂ ਧੀਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ’ਚ ਗ੍ਰਨੇਡ ਹਮਲੇ ਰੁਕ ਨਹੀਂ ਰਹੇ। ਪੁਲਿਸ ਸਟੇਸ਼ਨਾਂ ਤੋਂ ਬਾਅਦ ਹੁਣ ਰਾਜਨੀਤਿਕ ਆਗੂਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਰ ਰਾਤ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਘਰ ਹਮਲਾ ਹੋਇਆ, ਜ਼ਿਕਰਯੋਗ ਹੈ ਕਿ ਮਨੋਰੰਜਨ ਕਾਲੀਆ ਜੀ ਦਾ ਘਰ ਥਾਣੇ ਤੋਂ ਮਹਿਜ 100 ਮੀਟਰ ਦੀ ਦੂਰੀ ’ਤੇ ਹੈ।

ਉਨ੍ਹਾਂ ਨੇ ਕਿਹਾ ਕਿ ਅਜਿਹੇ ਹਮਲੇ ਪੰਜਾਬ ਦੀ ਭਾਈਚਾਰਕ ਸਾਂਝ ’ਤੇ ਹਮਲੇ ਹਨ ਅਤੇ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਲੈ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਲਾਂਬੂ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦੀ ਉਲੰਘਣਾ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਪੁਲਿਸ ਥਾਣਿਆਂ, ਪੂਜਾ ਸਥਾਨਾਂ ‘ਤੇ ਹਮਲਿਆਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀਆਂ ਮੂਰਤੀਆਂ ਦੀ ਭੰਨਤੋੜ ਤੋਂ ਬਾਅਦ, ਹੁਣ ਇੱਕ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ ਹੈ।

ਬਾਦਲ ਨੇ ਕਿਹਾ ਕਿ ਇਹ ਸਾਰੀਆਂ ਘਟਨਾਵਾਂ ਸਪੱਸ਼ਟ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ਨੂੰ ਸੰਭਾਲਣ ਵਿੱਚ ਅਸਮਰੱਥ ਹਨ। ਮੁੱਖ ਮੰਤਰੀ ਨੂੰ ਇਨ੍ਹਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਇਸ ਸਬੰਧੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਟਵੀਟ ਕਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਦਾ ਰੱਬ ਹੀ ਰਾਖਾ !! ਸਾਬਕਾ ਮੰਤਰੀ ਸ੍ਰੀ ਮਨੋਰੰਜਨ ਕਾਲੀਆ ਦੇ ਘਰ ਉਪਰ ਹੋਏ ਗ੍ਰਨੇਡ ਹਮਲੇ ਨੇ ਪੰਜਾਬ ਦੀ ਅਮਨ ਤੇ ਕਾਨੂੰਨ ਵਿਵਸਥਾ ਤੇ ਫਿਰ ਵੱਡੇ ਸਵਾਲ ਖੜੇ ਕੀਤੇ ਹਨ। ਇਹ ਪੰਜਾਬ ਨੂੰ ਬਰਬਾਦ ਕਰਨ ਦੀ ਵੱਡੀ ਸਾਜ਼ਿਸ਼ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇਣਾ ਚਾਹੀਦਾ ਹੈ। ਹੁਣ ਗੱਲ ਤੁਹਾਡੇ ਵੱਸ ਦੀ ਨਹੀਂ ਰਹੀ।

ਲੋਕ ਸਭਾ ਮੈਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰਨੇਡ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਲਾਪਰਵਾਹੀਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਹਾਸ਼ੀਏ ’ਤੇ ਲਿਆ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭੁੱਲ ਗਿਆ ਕਿ ਸਿਰਫ ਖ਼ੁਦ ਦੀ ਜਾਂ ਦਿੱਲੀ ਵਾਲਿਆਂ ਦੀ ਹੀ ਨਹੀਂ ਬਲਕਿ ਪੰਜਾਬ ਦੇ ਹਰ ਖਾਸ ਅਤੇ ਆਮ ਨਾਗਰਿਕ ਦੀ ਵੀ ਸੁਰੱਖਿਆ ਦੀ ਜ਼ਿੰਮੇਵਾਰੀ ਤੁਹਾਡੀ ਹੀ ਬਣਦੀ ਹੈ, ਪਰ ਅਫਸੋਸ ਹੈ ਕਿ ਤੁਸੀ ਗ੍ਰਹਿ ਮੰਤਰੀ ਵਜੋਂ ਪਹਿਲੇ ਦਿਨ ਤੋਂ ਹੀ ਸੁਰੱਖਿਆ ਮਾਮਲੇ ’ਚ ਫੇਲ੍ਹ ਸਾਬਿਤ ਹੁੰਦੇ ਆਏ ਹੋ।

ਇਸ ਸਬੰਧੀ ਬੋਲਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਵਧਦੀ ਹਿੰਸਾ ਦੀ ਇਕ ਸਪੱਸ਼ਟ ਯਾਦ ਦਿਵਾਉਂਦਾ ਹੈ। ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਮਈ 2022 ਵਿਚ ਮੋਹਾਲੀ ਆਰ.ਪੀ.ਜੀ. ਹਮਲਾ ਅਤੇ 2024 ਦੇ ਅਖੀਰ ਵਿਚ ਪੁਲਿਸ ਸਟੇਸ਼ਨਾਂ ’ਤੇ ਗ੍ਰਨੇਡ ਹਮਲਿਆਂ ਦੀ ਲੜੀ ਸਮੇਤ ਕਈ ਧਮਾਕੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਪੈਟਰਨ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਇਕ ਮਹੱਤਵਪੂਰਨ ਕਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾ ਸਕਦੇ, ਤਾਂ ਉਨ੍ਹਾਂ ਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ।