ਗੁਜਰਾਤ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਗੁਜਰਾਤ ਦੇ ਕਿਸਾਨਾਂ ਲਈ ‘ਕਰਜ਼ਾ ਮੁਆਫ਼ੀ’ ਸਣੇ ਛੇ ਗਾਰੰਟੀਆਂ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਇਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ।
ਕੇਜਰੀਵਾਲ ਨੇ ਦਵਾਰਕਾ ਕਸਬੇ ਵਿੱਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਜਰਾਤ ਦੀ ਸੱਤਾ ਵਿੱਚ ਆਉਣ ’ਤੇ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਫਸਲਾਂ ਦੀ ਖਰੀਦ ਲਈ ਇਕ ਢਾਂਚਾ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨਾਲ ਨਵੇਂ ਸਿਰੇ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਦੇ ਸਰਵੇਖਣ ਕਰਵਾਏ ਜਾਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਪਹਿਲਾਂ ਪੰਜ ਖੇਤੀ ਜਿਣਸਾਂ- ਕਣਕ, ਚਾਵਲ, ਕਪਾਹ, ਛੋਲੇ ਤੇ ਮੂੰਗਫਲੀ ਦੀ ਐੱਮਐੱਸਪੀ ’ਤੇ ਖਰੀਦ ਦੇ ਪ੍ਰੋਗਰਾਮ ਨੂੰ ਯਕੀਨੀ ਬਣਾਏਗੀ। ਇਸ ਤੋਂ ਬਾਅਦ ਹੋਰ ਜ਼ਰੂਰੀ ਵਸਤਾਂ ਨੂੰ ਇਸ ਵਿਚ ਸ਼ਾਮਲ ਕੀਤਾ ਜਾਵੇਗਾ। ਕੇਜਰੀਵਾਲ ਨੇ ਸੂਬੇ ਦੇ ਕਿਸਾਨਾਂ ਨੂੰ 24 ਘੰਟੇ ਲਈ ਬਿਜਲੀ ਦੇਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵਾਂਗੇ।