ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਲੰਧਰ ਜ਼ਿਮਨੀ ਚੋਣ ਦੇ ਲਈ ਆਪਣੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਗੁਰਜੰਟ ਸਿੰਘ ਕੱਟੂ ਨੂੰ ਜਲੰਧਰ ਜ਼ਿਮਨੀ ਚੋਣ ਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਵੱਲੋਂ ਮਰਹੂਮ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨਿਆ ਹੈ । ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਾਲਾਂਕਿ ਅਕਾਲੀ-ਬਸਪਾ ਗੱਠਜੋੜ ਵੱਲੋਂ ਅਜੇ ਤੱਕ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ ਗਿਆ ਹੈ। ਪਰ ਅਕਾਲੀ-ਬਸਪਾ ਗੱਠਜੋੜ ਵੱਲੋਂ ਮੀਟਿੰਗ ਕਰ ਕੇ ਇਹ ਸਹਿਮਤੀ ਜਤਾਈ ਗਈ ਹੈ ਕਿ ਜਲੰਧਰ ਜ਼ਿਮਨੀ ਚੋਣ ਦੇ ਲਈ ਸ਼੍ਰੋਮਣੀ ਅਕਾਲੀ ਦਾ ਦਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ ਅਤੇ ਬਸਪਾ ਵੱਲੋਂ ਉਸ ਉਮੀਦਵਾਰ ਦੀ ਪੂਰੀ ਹਿਮਾਇਤ ਕੀਤੀ ਜਾਵੇਗੀ।
ਤੁਹਾਨੂੰ ਦੱਸ ਦਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਦੇ ਨਾਲ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਜਲੰਧਰ ਦੀ ਇਹ ਲੋਕਸਭਾ ਸੀਟ ਖਾਲੀ ਹੋ ਗਈ ਸੀ । ਹੁਣ ਇਸ ਸੀਟ ’ਤੇ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ । ਵੱਡਾ ਸਵਾਲ ਇਹ ਹੈ ਕਿ ਇਸ ਸੀਟ ’ਤੇ ਕਿਹੜੀ ਪਾਰਟੀ ਦਾ ਕਬਜ਼ਾ ਹੋਵੇਗਾ।