The Khalas Tv Blog Punjab ਬਰਨਾਲਾ ਦਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
Punjab Religion

ਬਰਨਾਲਾ ਦਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ-ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲੇ ਬਰਨਾਲਾ ਵਾਸੀ ਗੁਰਜੰਟ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮ ਅਨੁਸਾਰ ਉਸ ਨੂੰ 9 ਫਰਵਰੀ 2026 ਨੂੰ ਸਵੇਰੇ 10 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਆਪਣਾ ਲਿਖਤੀ ਸਪਸ਼ਟੀਕਰਨ ਪੇਸ਼ ਕਰਨ ਲਈ ਕਿਹਾ ਗਿਆ ਹੈ।

ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਲਈ ਮਿਤੀ 9 ਫ਼ਰਵਰੀ 2026 ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ। ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਣਗੇ। ਇੱਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਦੇ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਨਵਿਆਉਣ ਦੀ ਕੋਸ਼ਿਸ਼ ਕਰੇ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

ਦੱਸ ਦਈਏ ਕਿ ਇਹ ਮਾਮਲਾ ਇੱਕ ਗੁਰਮਤਿ ਸਮਾਗਮ ਜਾਂ ਕੀਰਤਨ ਸਮਾਰੋਹ ਦੌਰਾਨ ਉਸ ਦੀਆਂ ਟਿੱਪਣੀਆਂ ਨਾਲ ਜੁੜਿਆ ਹੈ, ਜਿੱਥੇ ਉਸ ਨੇ ਕਿਹਾ ਸੀ ਕਿ ਜੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸੰਤ ਅਤਰ ਸਿੰਘ ਮਸਤੂਆਣਾ ਵਾਲੇ ਸਾਹਮਣੇ ਹੋਣ ਤਾਂ ਉਹ ਗੁਰੂ ਸਾਹਿਬ ਤੋਂ ਪਹਿਲਾਂ ਸੰਤ ਅਤਰ ਸਿੰਘ ਨੂੰ ਮੱਥਾ ਟੇਕਣਗੇ। ਇਹ ਬਿਆਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਤਾ ਗਿਆ ਸੀ, ਜਿਸ ਨਾਲ ਸਿੱਖ ਗੁਰੂ ਸਾਹਿਬਾਨ ਦੇ ਅਤਿ ਸਤਿਕਾਰ ਨੂੰ ਠੇਸ ਪਹੁੰਚੀ।

Exit mobile version