Punjab

ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਦੇ ਵਿਆਹ ਪੁਰਬ ਦੀ ਵਰੇਗੰਢ ਮੌਕੇ ਗੁਰਮਤਿ ਸਮਾਗਮ

‘ਦ ਖ਼ਾਲਸ ਟੀਵੀ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਜੀ ਦੇ ਵਿਆਹ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਗੁਰਦੁਆਰਾ ਮਾਤਾ ਗੁਜਰੀ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਗੁਰੂ ਅਰਜਨ ਦੇਵ ਜੀ ਪਬਲਿਕ ਸਕੂਲ ਵਿਖੇ ਵਿਸ਼ੇਸ਼ ਪੰਡਾਲ ’ਚ ਸਜਾਏ ਗਏ ਧਾਰਮਿਕ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਪੰਥ ਪ੍ਰਸਿੱਧ ਕਥਾ ਵਾਚਕ, ਕਵੀਸ਼ਰ ਅਤੇ ਢਾਡੀ ਜਥਿਆਂ ਨੇ ਗੁਰ-ਇਤਿਹਾਸ ਸਰਵਣ ਕਰਵਾਇਆ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਾਤਾ ਗੁਜਰੀ ਜੀ ਵਰਗਾ ਸਿੱਖੀ ਸਿਦਕ, ਭਰੋਸਾ ਅਤੇ ਲਾਸਾਨੀ ਕੁਰਬਾਨੀ ਦਾ ਇਤਿਹਾਸ ਦੁਨੀਆਂ ਵਿਚ ਕਿਤੇ ਵੀ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਜੀ ਨੇ ਲੋਕਾਈ ਖਾਤਰ ਪਤੀ, ਪੋਤਰੇ ਤੇ ਪੁੱਤਰ ਵਾਰਿਆ ਪਰ ਸਿਦਕ ਨਹੀਂ ਛਡਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਯਾਦ ’ਚ ਕਰਵਾਏ ਜਾਂਦੇ ਗੁਰਮਤਿ ਸਮਾਗਮਾਂ ਦਾ ਮਕਸਦ ਨੌਜੁਆਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਨਾਲ ਜੋੜਨਾ ਹੈ।

ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਮਾਤਾਵਾਂ ਆਪਣੇ ਬੱਚਿਆਂ ਨੂੰ ਮਾਤਾ ਗੁਜਰੀ ਜੀ ਵਾਂਗ ਸਿੱਖੀ ਸਿਦਕ ਦੀ ਲੋਰੀ ਦੇਣ ਤਾਂ ਜੋ ਬੱਚੇ ਆਪਣਾ ਜੀਵਨ ਗੁਰਮਤਿ ਆਸ਼ੇ ਅਨੁਸਾਰ ਬਤੀਤ ਕਰਨ। ਬੀਬੀ ਜਗੀਰ ਕੌਰ ਨੇ ਮਾਤਾ ਗੁਜਰੀ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਆਹ ਪੁਰਬ ਦਾ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਸੰਕਲਪ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਦੇ ਅਨੰਦਕਾਰਜ ਗੁਰਮਤਿ ਰੀਤੀ ਅਨੁਸਾਰ ਕਰੀਏ।

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਬਾਰੇ ਸੰਗਤਾਂ ਨਾਲ ਵਿਚਾਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਮੈਡੀਕਲ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਵੱਡਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਸੈਂਕੜੇ ਸਕੂਲ ਅਤੇ ਕਾਲਜ ਵਿਦਿਆਰਥੀਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ ਵਜ਼ੀਫੇ ਵੀ ਦਿੱਤੇ ਜਾਂਦੇ ਹਨ ਅਤੇ ਹੁਣ ਸਕੂਲ ਵਿਚ ਦਾਖਲ ਹੋਣ ਵਾਲੇ ਅੰਮ੍ਰਿਤਧਾਰੀ ਬੱਚਿਆਂ ਦੀ ਦਾਖਲਾ ਫ਼ੀਸ ਵਿਚ ਪੰਜ ਹਜ਼ਾਰ ਰੁਪਏ ਵੀ ਛੋਟ ਦਿੱਤੀ ਜਾਵੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ।