India

ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਵਾਸੀਆਂ ਨੂੰ ਕੱਲ੍ਹ ਵਾਸਤੇ ਦਿੱਤਾ ਅਹਿਮ ਸੱਦਾ, ਖੱਟਰ ਸਰਕਾਰ ਡੇਗਣ ਦਾ ਮੁੱਦਾ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ‘ਹਰਿਆਣਾ ਵਿਧਾਨ ਸਭਾ ਵਿੱਚ 10 ਮਾਰਚ ਨੂੰ ਖੇਤੀ ਕਾਨੂੰਨਾਂ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਪੇਸ਼ ਕੀਤਾ ਜਾ ਰਿਹਾ ਹੈ। ਸਾਰੇ ਲੋਕ 9 ਮਾਰਚ ਨੂੰ ਸਾਰੇ ਵਿਧਾਇਕਾਂ, ਜਿਵੇਂ ਕਿ ਬੀਜੇਪੀ, ਜੇਜੇਪੀ ਜਾਂ ਆਜ਼ਾਦ ਵਿਧਾਇਕਾਂ ਦੇ ਖਿਲਾਫ ਇੱਕ-ਇੱਕ ਦਿਨ ਪ੍ਰਦਰਸ਼ਨ ਕਰਨ। ਜੋ ਵਿਧਾਇਕ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਹਨ, ਉਨ੍ਹਾਂ ਦੇ ਘਰਾਂ ਵਿੱਚ ਜਾ-ਜਾ ਕੇ ਪ੍ਰਦਰਸ਼ਨ ਕੀਤਾ ਜਾਵੇ। ਇਨ੍ਹਾਂ ਵਿਧਾਇਕਾਂ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਅਵਿਸ਼ਵਾਸ ਪ੍ਰਸਤਾਵ ਦਾ ਸਮਰਥਨ ਕਰਨ ਲਈ ਮੰਗ ਪੱਤਰ ਸੌਂਪੇ ਜਾਣ’।

ਚੜੂਨੀ ਨੇ ਕਿਹਾ ਕਿ ਵਿਧਾਇਕਾਂ ਨੂੰ ਇਹ ਚਿਤਾਵਨੀ ਦਿੱਤੀ ਜਾਵੇ ਕਿ ‘ਜੇਕਰ ਉਹ ਖੇਤੀ ਕਾਨੂੰਨਾਂ ਦਾ ਵਿਰੋਧ ਨਹੀਂ ਕਰਦੇ, ਅਵਿਸ਼ਵਾਸ ਪ੍ਰਸਤਾਵ ਦਾ ਸਮਰਥਨ ਨਹੀਂ ਕਰਦੇ ਤਾਂ ਅੱਗੇ ਤੋਂ ਉਨ੍ਹਾਂ ਦਾ ਚੋਣਾਂ ਦੌਰਾਨ ਅਤੇ ਸਮਾਜਿਕ ਤੌਰ ‘ਤੇ ਬਾਈਕਾਟ ਕੀਤਾ ਜਾਵੇਗਾ’।

ਚੜੂਨੀ ਨੇ ਹਰਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ‘ਜ਼ਿਆਦਾ ਤੋਂ ਜ਼ਿਆਦਾ ਲੋਕ ਇਕੱਠਾ ਹੋ ਕੇ ਅਵਿਸ਼ਵਾਸ ਪ੍ਰਸਤਾਵ ਦਾ ਸਮਰਥਨ ਕਰਨ, ਤਾਂ ਜੋ ਇਹ ਸਰਕਾਰ ਟੁੱਟ ਸਕੇ ਅਤੇ ਸਰਕਾਰ ਕਿਸਾਨਾਂ ਦੀ ਗੱਲ ਨੂੰ ਮੰਨੇ’।