ਬਿਉਰੋ ਰਿਪੋਰਟ – ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਨੇ ਕੈਨੇਡੀਅਨ ਨਿਊਜ਼ ਚੈਨਲ ਸੀਬੀਸੀ (CBC) ਨਿਊਜ਼ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਉਸ ਵੱਲੋਂ ਕੈਨੇਡਾ ਦੀ ਸਰਕਾਰ ਨੂੰ ਭਾਰਤ ਦੇ ਖਿਲਾਫ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਨੂ ਵੱਲੋਂ ਕੈਨੇਡਾ ਨੂੰ ਭਾਰਤੀ ਹਾਈ ਕਮਿਸ਼ਨਰ ਦੇ ਖੁਫੀਆ ਨੈੱਟਵਰਕ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਪੰਨੂ ਇਸ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਸਿੱਖ ਫਾਰ ਜਸਟਿਸ ਨਾਂ ਦੀ ਸੰਸਥਾ ਚਲਾਉਂਦਾ ਹੈ। ਉਸ ਕੋਲ ਅਮਰੀਕਾ ਅਤੇ ਕੈਨੇਡਾ ਦੋਵਾਂ ਦੀ ਨਾਗਰਿਕਤਾ ਹੈ।
ਟਰੂਡੋ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੂਡੋ ਦਾ ਮੰਗਿਆ ਅਸਤੀਫਾ
ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਟਰੂਡੋ ਦੀ ਲਿਬਰਲ ਪਾਰਟੀ ਦੇ ਇੱਕ ਸੰਸਦ ਮੈਂਬਰ ਨੇ ਕੈਨੇਡਾ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਟਰੂਡੋ ਦੇ ਅਸਤੀਫੇ ਦੀ ਮੰਗ ਕੀਤੀ ਹੈ। ਸੀਬੀਸੀ ਨਿਊਜ਼ ਮੁਤਾਬਕ ਐਮਪੀ ਸੀਨ ਕੈਸੀ ਨੇ ਟਰੂਡੋ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੇ ਲੋਕ ਹੁਣ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਹੁਣ ਟਰੂਡੋ ਦੇ ਜਾਣ ਦਾ ਸਮਾਂ ਆ ਗਿਆ ਹੈ, ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ। ਜੂਨ ‘ਚ ਹੋਈਆਂ ਜ਼ਿਮਨੀ ਚੋਣਾਂ ‘ਚ ਪਾਰਟੀ ਦੀ ਹਾਰ ਤੋਂ ਬਾਅਦ ਹਾਰ ਦੀ ਸਮੀਖਿਆ ਕਰਨ ਲਈ ਪਿਛਲੇ ਹਫਤੇ ਬੈਠਕ ਕੀਤੀ ਗਈ ਸੀ। ਇਸ ਤੋਂ ਪਹਿਲਾਂ ਜੂਨ ਵਿੱਚ ਇੱਕ ਹੋਰ ਐਮਪੀ ਵੇਨ ਲੌਂਗ ਨੇ ਟਰੂਡੋ ਦੇ ਅਸਤੀਫੇ ਦੀ ਮੰਗ ਕੀਤੀ ਸੀ।
ਦੱਸ ਦੇਈਏ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਨੇ ਭਾਰਤ ‘ਤੇ ਗੰਭੀਰ ਇਲਜ਼ਾਮ ਲਗਾਏ ਸਨ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਸੰਸਦ ਵਿਚ ਕਿਹਾ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿਚ ਭਾਰਤ ਦੀਆਂ ਏਜੰਸੀਆਂ ਦਾ ਹੱਥ ਹੈ ਪਰ ਹੁਣ ਟਰੂਡੋ ਨੇ ਇਸ ਤੋਂ ਇਨਕਾਰ ਕੀਤਾ ਹੈ।