ਬਿਉਰੋ ਰਿਪੋਰਟ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ(HARPREET SINGH) ਦੇ ਹੱਕ ਵਿੱਚ ਵੱਡਾ ਪੰਥਕ ਕਨਵੈਨਸ਼ਨ ਕੀਤਾ । ਕਨਵੈਨਸ਼ਨ ਦੌਰਾਨ SGPC ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਗਿਆ । ਇਸ ਦੌਰਾਨ ਪੰਥਕ ਕਨਵੈਨਸ਼ਨ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਹੈ ਕਿ ਉਹ ਸਿੱਖ ਧਰਮ ਦੇ ਵਿਸ਼ਵ ਭਰ ਵਿਚ ਪ੍ਰਚਾਰ ਤੇ ਪ੍ਰਸਾਰ ਲਈ ਕੰਮ ਕਰਨ । ਇਸ ਦੇ ਲਈ ਦਿੱਲੀ ਗੁਰਦੁਆਰਾ ਕਮੇਟੀ ਸਮੇਤ ਸਮੁੱਚੀਆਂ ਸਿੱਖ ਸੰਸਥਾਵਾਂ ਉਹਨਾਂ ਦਾ ਸਾਥ ਦੇਣਗੀਆਂ।
ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਹੋਈ ਆਲ ਇੰਡੀਆ ਪੰਥਕ ਕਨਵੈਨਸ਼ਨ ਹੋਈ । ਇਸ ਤੋਂ ਦੌਰਾਨ ਕਈ ਮਤੇ ਪਾਸ ਕੀਤੇ ਗਏ ਇੰਨਾਂ ਵਿਚ ਪਹਿਲੇ ਮਤੇ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਸੁਣਾਏ ਗਏ ਹੁਕਮਨਾਮੇ ਨੂੰ ਇੰਨ ਬਿਨ ਲਾਗੂ ਕਰਵਾਉਣ ਦੀ ਹਮਾਇਤ ਕੀਤੀ ਗਈ। ਦੂਜੇ ਮਤੇ ਰਾਹੀਂ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਗਿਆ ਤੇ ਉਹਨਾਂ ਨੂੰ ਵਿਸ਼ਵ ਭਰ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਕਰਨ ਵਾਸਤੇ ਮੁਹਿੰਮ ਜਾਰੀ ਰੱਖਣ ਦੀ ਅਪੀਲ ਕੀਤੀ ਗਈ। ਤੀਜੇ ਮਤੇ ਮੁਤਾਬਿਕ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਦਾ ਸਰਨਾ ਭਰਾਵਾਂ ਵੱਲੋਂ ਮਾਣ ਸਨਮਾਨ ਕਰਨ ਦੀ ਨਿਖੇਧੀ ਕੀਤੀ ਗਈ ਤੇ ਅਹਿਦ ਲਿਆ ਗਿਆ ਕਿ ਇਸ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੱਕ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਆਪਣਾ ਸੰਘਰਸ਼ ਜਾਰੀ ਰੱਖੇਗੀ।
DSGMC ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਕ ਪਰਿਵਾਰ ਨੂੰ ਬਚਾਉਣ ਵਾਸਤੇ ਸਿੱਖ ਸੰਸਥਾਵਾਂ ਦਾ ਘਾਣ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿੱਖੀ ਸੰਸਥਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ ਤੇ ਜੇਕਰ ਕੋਈ ਵੀ ਇਕ ਪਰਿਵਾਰ ਦੇ ਹੁਕਮ ਤੋਂ ਬਾਹਰ ਜਾਂਦਾ ਹੈ ਤਾਂ ਉਸਨੂੰ ਸਿਆਸੀ ਤੌਰ ’ਤੇ ਖ਼ਤਮ ਕਰਨ ਵਾਸਤੇ ਕੋਈ ਕਸਰ ਨਹੀਂ ਛੱਡੀ ਜਾਂਦੀ।
DSGMC ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ 10 ਜਣੇ ਹੀ ਅਕਾਲੀ ਦਲ ਨੂੰ ਡੋਬਣ ’ਤੇ ਲੱਗੇ ਹਨ ਜਿਸ ਵਿਚੋਂ 2 ਦਿੱਲੀ ਦੇ ਹਨ ਤੇ 8 ਪੰਜਾਬ ਦੇ ਹਨ। ਦਿੱਲੀ ਕਮੇਟੀ ਦੇ ਕਨਵੈਨਸ਼ਨ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੀ ਮੌਜੂਦ ਰਹੇ । ਉਨ੍ਹਾਂ ਨੇ ਕਿਹਾ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਹਿਬਾਨ ਦੇ ਜੋ ਹਾਲ ਹਨ,ਉਸ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਦਾਦੂਵਾਲ ਨੇ ਕਿਹਾ ਗਿਆਨੀ ਰਘਬੀਰ ਸਿੰਘ ਅਕਾਲੀ ਫੂਲਾ ਸਿੰਘ ਦਾ ਰੋਲ ਨਿਭਾਉਣ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿਚੋਂ ਖਾਰਜ ਕਰਨ ।