The Khalas Tv Blog Punjab ਜੂਨ ਤੋਂ ਸ਼ੁਰੂ ਹਲਵਾਰਾ ਏਅਰਪੋਰਟ ਤੋਂ ਉਡਾਣਾਂ !
Punjab

ਜੂਨ ਤੋਂ ਸ਼ੁਰੂ ਹਲਵਾਰਾ ਏਅਰਪੋਰਟ ਤੋਂ ਉਡਾਣਾਂ !

ਬਿਊਰੋ ਰਿਪੋਰਟ : ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਮਤਾ ਪਾਸ ਕਰ ਦਿੱਤਾ ਹੈ । ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਮੌਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੀਆਂ ਰਸਮਾਂ ਪੂਰੀਆਂ ਕਰ ਲਈਆਂ ਜਾਣਗੀਆਂ।

ਜੂਨ ਤੋਂ ਘਰੇਲੂ ਉਡਾਣਾਂ ਸ਼ੁਰੂ

ਇਸ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਥੋਂ ਮਈ ਦੇ ਅਖ਼ੀਰ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ 161 ਏਕੜ ਰਕਬੇ ਵਿੱਚ ਲਗਭਗ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ ‘ਤੇ ਹੋਰ ਅੱਗੇ ਲਿਆਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਇਸ ਨਾਲ ਜਿੱਥੇ ਲੁਧਿਆਣਾ ਦੇ ਕਾਰੋਬਾਰੀਆਂ ਨੂੰ ਸਹੂਲਤ ਮਿਲੇਗੀ, ਉਥੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

ਕਾਂਗਰਸ ਨੂੰ ਘੇਰਿਆ

ਇਸ ਅਹਿਮ ਮਤੇ ਨੂੰ ਪਾਸ ਕੀਤੇ ਜਾਣ ਮੌਕੇ ਇਜਲਾਸ ਦਾ ਬਾਈਕਾਟ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਇਹ ਕਾਰਵਾਈ ਇਨ੍ਹਾਂ ਮਹਾਨ ਨਾਇਕਾਂ ਪ੍ਰਤੀ ਘੋਰ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਣਮੱਤੇ ਐਵਾਰਡ ਲਈ ਜੇਤੂਆਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ। ਭਗਵੰਤ ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਦੋ ਸਾਬਕਾ ਪ੍ਰਧਾਨ ਮੰਤਰੀਆਂ ਨੇ ਇਸ ਵੱਕਾਰੀ ਐਵਾਰਡ ਲਈ ਆਪਣੇ ਨਾਵਾਂ ਦੀ ਹੀ ਸਿਫ਼ਾਰਸ਼ ਕਰ ਦਿੱਤੀ ਸੀ।

‘ਮੋਹਾਲੀ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ’

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਕੋਸਿਸ਼ ਨਾਲ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਸ਼ਹੀਦ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਨਾਮ ਰੱਖਣੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਰਾਸ਼ਟਰੀ ਨੇਤਾਵਾਂ ਦੇ ਨਾਮ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।

 

Exit mobile version