India Punjab

ਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦਾ ਮਾਮਲਾ ਭਖਿਆ, ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

ਰਾਜਸਥਾਨ ((Rajasthan) ਦੇ ਜੋਧਪੁਰ (Jodhpur) ਵਿੱਚ ਹੋਈ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਲੜਕੀ ਨੂੰ ਕਿਰਪਾਲ ਨਾ ਉਤਾਰਨ ਕਰਕੇ ਪ੍ਰੀਖਿਆ ਨਹੀਂ ਦੇਣ ਦਿੱਤੀ ਗਈ, ਜਿਸ ਤੋਂ ਬਾਅਦ ਇਹ ਮਾਮਲਾ ਤੂਲ ਫੜਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਉੱਤੇ ਲਗਾਤਾਰ ਸਿੱਖ ਲੀਡਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਨਿੰਦਾ ਕੀਤੀ ਹੈ।

ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ ਕਿਰਾਜਸਥਾਨ ਵਿੱਚ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣਾ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ।

ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਦਾ ਭਵਿੱਖ ਦਾਅ ’ਤੇ ਲੱਗਿਆ ਹੈ।

ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ। ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ।

ਇਹ ਵਰਤਾਰੇ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਹੈ। ਸ਼੍ਰੋਮਣੀ ਕਮੇਟੀ ਗੁਰਸਿੱਖ ਲੜਕੀ ਦੇ ਨਾਲ ਹੈ। ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਵਖਰੇਵਾਂ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਿਕ ਵਿਹਾਰ ਕਰਕੇ ਪੇਪਰ ਵਿੱਚ ਕਾਰਗੁਜ਼ਾਰੀ ਉੱਤੇ ਗਹਿਰਾ ਅਸਰ ਪੈਂਦਾ ਹੈ।ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਵੀ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ।

ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਜੁਡੀਸ਼ੀਅਲ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ। ਮੁੱਖ ਮੰਤਰੀ ਤੋਂ ਇਹ ਵੀ ਮੰਗ ਹੈ ਕਿ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪ੍ਰੀਖਿਆ ਦੀ ਸਿੱਖ ਉਮੀਦਵਾਰ ਐਡਵੋਕੇਟ ਅਰਮਨਜੋਤ ਕੌਰ ਲਈ 23 ਜੂਨ 2024 ਨੂੰ ਹੋਇਆ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।

 

 

ਇਹ ਵੀ ਪੜ੍ਹੋ  –   ਗਿਆਨੀ ਰਘਬੀਰ ਸਿੰਘ ਨੇ ਪਰਿਕਰਮਾਂਂ ‘ਚ ਯੋਗਾ ਕਰਨ ਨੂੰ ਦੱਸਿਆ ਗਲਤ, SGPC ਨੂੰ ਵੀ ਕੀਤੀ ਤਾੜਨਾ