ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿੱਚ ਭਾਰਤੀ ਅੰਬੈਸਡਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਭ ਤੋਂ ਉੱਪਰ ਹੈ ਅਤੇ ਪੁਲਿਸ ਵੱਲੋਂ ਗੁਰੂ ਸਾਹਿਬ ਦੇ ਪਾਵਨ ਸਰੂਪ ਨੂੰ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਅਤੇ ਦੋਹਾ ਕਤਰ ਵਿੱਚ ਭਾਰਤੀ ਅੰਬੈਸਡਰ ਨੂੰ ਪੱਤਰ ਵੀ ਲਿਖੇ ਹਨ।
ਇਹ ਮਾਮਲਾ ਬੀਤੇ ਦਿਨੀਂ ਬਰਤਾਨੀਆ ਦੀ ਸਿੱਖ ਸੰਸਥਾ ਭਾਈ ਘਨ੍ਹਈਆ ਹਿਊਮੈਨੀਟੇਰੀਅਨ ਏਡ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਪੈਰਵਾਈ ਕਰਨ ਲਈ ਆਦੇਸ਼ ਜਾਰੀ ਕੀਤੇ ਸਨ।
ਭਾਈ ਘਨ੍ਹਈਆ ਹਿਊਮੈਨੀਟੇਰੀਅਨ ਏਡ ਵੱਲੋਂ ਇਹ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਦਸੰਬਰ 2023 ਵਿੱਚ ਕਤਰ ਦੀ ਦੋਹਾ ਪੁਲਿਸ ਵੱਲੋਂ ਇੱਕ ਸਿੱਖ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ ਛੱਡ ਦਿੱਤਾ ਗਿਆ, ਪਰ ਉਸ ਕੋਲੋਂ ਪ੍ਰਾਪਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪਾਂ ਨੂੰ ਉੱਥੋਂ ਦੇ ਪੁਲਿਸ ਪ੍ਰਸ਼ਾਸਨ ਨੇ ਥਾਣੇ ਵਿੱਚ ਹੀ ਰੱਖਿਆ ਹੋਇਆ ਹੈ, ਜੋ ਕਿ ਗੁਰੂ ਸਾਹਿਬ ਦਾ ਵੱਡਾ ਨਿਰਾਦਰ ਹੈ।
ਇਹ ਸਿੱਖ, ਬਿਰਕਤ ਅਲ-ਅਵਾਮੇਰ ਵਿਖੇ ਆਪਣੀ ਜਾਇਦਾਦ ਵਿੱਚ ਸਥਾਪਿਤ ਕੀਤੇ ਗੁਰਦੁਆਰਾ ਸਾਹਿਬ ’ਚ ਪ੍ਰਾਈਵੇਟ (ਨਿੱਜੀ) ਰੂਪ ਵਿੱਚ ਗੁਰੂ ਸਾਹਿਬ ਦਾ ਪ੍ਰਕਾਸ਼ ਕਰਕੇ ਰੋਜ਼ਾਨਾ ਮਰਯਾਦਾ ਅਨੁਸਾਰ ਲੋਕਲ ਸਿੱਖਾਂ ਨਾਲ ਸੰਗਤ ਕਰਦਾ ਸੀ, ਪਰ ਕਤਰ ਸਰਕਾਰ ਦੀਆਂ ਗ਼ੈਰ-ਇਸਲਾਮੀ ਧਰਮਾਂ ਉੱਤੇ ਸਖ਼ਤ ਪਾਬੰਦੀਆਂ ਕਾਰਨ ਉਸ ਨੂੰ ਅਜਿਹਾ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਛੱਡ ਦਿੱਤਾ ਗਿਆ। ਇਸੇ ਦੌਰਾਨ ਉਸ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ ਪ੍ਰਾਪਤ ਕੀਤੇ ਗਏ ਸਨ ਅਤੇ ਦੋਹਾ ਦੇ ਅਲ ਵਕਾਰਾ ਪੁਲਿਸ ਥਾਣੇ ਵਿਖੇ ਰੱਖ ਦਿੱਤੇ ਗਏ ਸਨ, ਜੋ ਕਿ ਹੁਣ ਤੱਕ ਉੱਥੇ ਹੀ ਮੌਜੂਦ ਹਨ।