‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਬਾਰੇ ਵੱਡਾ ਬਿਆਨ ਦਿੱਤਾ ਹੈ। ਗਰੇਵਾਲ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਗਰੇਵਾਲ ਮੁਤਾਬਿਕ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਤ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਤ ਕਰ ਸਕਦੇ ਹਨ।
ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ। ਪੰਜਾਬ ਅਤੇ ਦੇਸ਼ ਨੂੰ ਕੈਪਟਨ ਦਾ ਲਾਭ ਲੈਣਾ ਚਾਹੀਦਾ ਹੈ। ਕੈਪਟਨ ਨੇਤਾਵਾਂ ਨੂੰ ਸਮਝਾ ਕੇ ਕਿਸਾਨਾਂ ਨੂੰ ਮਨਾਉਣਗੇ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਫੈਸਲਾ ਕਰਨਾ ਹੈ ਕਿ ਜਿਸ ਕਾਂਗਰਸ ਪਾਰਟੀ ਨੇ ਉਨ੍ਹਾਂ ਦਾ ਅਪਮਾਨ ਕੀਤਾ ਹੈ, ਉਸ ਵਿੱਚ ਰਹਿਣਾ ਹੈ ਜਾਂ ਨਹੀਂ। ਜਾਂ ਫੇਰ ਕੈਪਟਨ ਨੇ ਭਾਜਪਾ ਵਿੱਚ ਸ਼ਾਮਲ ਹੋਣਾ ਹੈ ਜਾਂ ਆਪਣੀ ਪਾਰਟੀ ਬਣਾ ਕੇ ਭਾਜਪਾ ਦੀ ਮਦਦ ਕਰਨੀ ਹੈ।
ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੁਲਝਾ ਸਕਦੇ ਹਨ। ਖੇਤੀ ਕਾਨੂੰਨ ਨੂੰ ਵਾਪਸ ਲੈਣ ਦੇ ਸਵਾਲ ‘ਤੇ ਗਰੇਵਾਲ ਨੇ ਕਿਹਾ ਕਿ ਕੁੱਝ ਵੀ ਹੋ ਸਕਦਾ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਦਾਅਵਾ ਕੀਤਾ ਕਿ ਐੱਮਐੱਸਪੀ ਲਿਖਤੀ ਰੂਪ ਵਿੱਚ ਵੀ ਦਿੱਤੀ ਜਾ ਸਕਦਾ ਹੈ।