Punjab

ਹਰਪਾਲ ਚੀਮਾ ਨੇ ਕਿਸਾਨਾਂ ਨੂੰ ਮੀਟਿੰਗ ਦਾ ਦਿੱਤਾ ਸੱਦਾ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ ਦੇ ਮਸਲੇ ਸਮੇਤ ਹੋਰ ਕਿਸਾਨ ਮੰਗਾਂ ਦੇ ਹੱਲ ਲਈ ਨੈਸ਼ਨਲ ਹਾਈਵੇ ਉੱਪਰ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ 10 ਤੋਂ 2 ਵਜੇ ਤੱਕ ਕਿਸਾਨਾਂ ਵੱਲੋਂ ਚਾਰ ਘੰਟਿਆਂ ਲਈ ਚੱਕਾ ਜ਼ਾਮ ਕੀਤਾ ਜਾਣਾ ਸੀ ਪਰ ਪੰਜਾਬ ਦੇ ਵਿੱਤ ਅਤੇ ਸਹਿਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਜਲੰਧਰ ਦੇ ਸਰਕਟ ਹਾਊਸ ਵਿਖੇ 4.30 ਵਜੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਆਪਣਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।

ਕਿਸਾਨ ਜੱਥੇਬੰਦੀਆਂ ਨਾਲ ਸਬੰਧਿਤ ਕਿਸਾਨ ਆਗੂਆਂ ਨੇ ਐਮਰਜੈਂਸੀ ਮੀਟਿੰਗ ਕਰਕੇ ਸਹਿਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲੇ ਦੇ ਫੌਰੀ ਹੱਲ ਲਈ ਮੀਟਿੰਗ ਦਾ ਸੱਦਾ ਦੇਣ ਮਗਰੋਂ ਹਾਂ-ਪੱਖੀ ਹੁੰਗਾਰਾ ਭਰਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਮੰਤਰੀ ਸਾਹਿਬ ਦੀ ਮੀਟਿੰਗ ਵਿੱਚੋਂ ਕੋਈ ਸਾਰਥਿਕ ਹੱਲ ਨਾ ਨਿਕਲਿਆ ਤਾਂ 16 ਕਿਸਾਨ ਜੱਥੇਬੰਦੀਆਂ ਸੰਘਰਸ਼ ਦਾ ਪ੍ਰੋਗਰਾਮ ਦੇਣ ਲਈ ਮਜ਼ਬੂਰ ਹੋਣਗੀਆਂ।

ਇਸ ਮੀਟਿੰਗ ਵਿੱਚ ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਸਾਹਨੀ, ਮੁਕੇਸ਼ ਚੰਦਰ, ਸੰਤੋਖ ਸਿੰਘ ਸੰਧੂ, ਰਮਿੰਦਰ ਸਿੰਘ ਪਟਿਆਲਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਦਵਿੰਦਰ ਸਿੰਘ, ਕੁਲਦੀਪ ਸਿੰਘ ਵਜੀਦਪੁਰ ਅਤੇ ਅਮਰੀਕ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।

ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਅਤੇ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ 900 ਕਰੋੜ ਦੇ ਲਗਭਗ ਹੈ। ਇਹ ਪੇਮੈਂਟ ਨਾ ਹੋਣ ਕਾਰਨ ਗੰਨਾ ਕਾਸ਼ਤਕਾਰ ਕਿਸਾਨ ਬਹੁਤ ਔਖਿਆਈ ਵਿੱਚ ਦਿਨ ਕਟੀ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਕੱਲ੍ਹ ਦੀ ਮੀਟਿੰਗ ਵਿੱਚ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਪੇਮੈਂਟ ਦਾ ਮਸਲਾ ਹੱਲ ਕਰਨ ਲਈ ਠੋਸ ਕਦਮ ਪੁੱਟੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਗੰਨਾ ਕਾਸ਼ਤਕਾਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਮੁਲਤਵੀ ਕੀਤਾ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ।