22 ਜੁਲਾਈ ਤੋਂ ਸੰਸਦ ਦਾ ਮੌਨਸੂਨ ਸੈਸ਼ਨ (Monsoon Session) ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾ ਸਰਬ ਪਾਰਟੀ ਮੀਟਿੰਗ ਹੋਈ ਹੈ। ਇਸ ਵਿੱਚ ਬਠਿੰਡਾ (Bathinda) ਤੋਂ ਸ਼੍ਰੋਮਣੀ ਅਕਾਲੀ ਦਲ (SAD) ਦੀ ਇਕਲੌਤੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਵੀ ਸ਼ਾਮਲ ਹੋਏ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦੱਸਿਆ ਕਿ ਉਨ੍ਹਾਂ ਕਿਸਾਨਾਂ ਸਮੇਤ ਕਈ ਮੁੱਦੇ ਮੀਟਿੰਗ ਵਿੱਚ ਚੁੱਕੇ ਹਨ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਚਾਰ ਸਾਲ ਪਹਿਲਾਂ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵੀ ਅਧੂਰਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਬੈਠੇ ਵਿਅਕਤੀ ਨੇ ਇਹ ਵਾਅਦਾ ਕੀਤਾ ਸੀ। ਪਰ ਪ੍ਰਧਾਨ ਮੰਤਰੀ ਵੱਲੋਂ ਵਾਅਦਾ ਪੂਰਾ ਨਾ ਕਰਨਾ ਉਨ੍ਹਾਂ ਦੇ ਅਹੁਦੇ ਨੂੰ ਸ਼ੋਭਾ ਨਹੀਂ ਦਿੰਦਾ। ਦੇਸ਼ ਦੇ ਕਿਸਾਨ ਅਜੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਹਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਪੰਜਾਬ ਦਾ ਮੁੱਖ ਮੰਤਰੀ ਦੂਜੇ ਰਾਜਾਂ ਵਿੱਚ ਜਾ ਕੇ ਦੋਗਲੀ ਨੀਤੀ ਖੇਡਦੇ ਹਨ। ਉਹ ਹਰਿਆਣਾ ਵਿੱਚ ਜਾ ਕੇ ਐਸਵਾਈਐਲ ਦੇ ਮੁੱਦੇ ’ਤੇ ਕੁਝ ਹੋਰ ਕਹਿੰਦੇ ਹਨ ਅਤੇ ਪੰਜਾਬ ਵਿੱਚ ਕੁਝ ਹੋਰ। ਉਨ੍ਹਾਂ ਕਿਹਾ ਕਿ ਇਹ ਦੋਗਲੀ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ।
ਹਰਸਿਮਰਤ ਨੇ ਕਿਹਾ ਕਿ ਜਾਂਚ ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਅਰੋਪ ਲਗਾਉਂਦੇ ਕਿਹਾ ਕਿ ਦਿੱਲੀ ਦੀ ਤਰਜ ’ਤੇ ਪੰਜਾਬ ਵਿੱਚ ਵੀ ਸ਼ਰਾਬ ਘੁਟਾਲਾ ਹੋਇਆ ਹੈ, ਪਰ ਦੇਸ਼ ਦੀ ਸਰਕਾਰ ਪੰਜਾਬ ਸਰਕਾਰ ’ਤੇ ਕੋਈ ਐਕਸ਼ਨ ਨਹੀਂ ਲੈ ਰਹੀ ਹੈ। ਉਨ੍ਹਾਂ ਕੇਂਦਰ ਨੂੰ ਪੁੱਛਿਆ ਕਿ ਪੰਜਾਬ ਸਰਕਾਰ ਦੇ ਖਜਾਨੇ ਦਾ ਵੀ ਨੁਕਸਾਨ ਹੋਇਆ ਹੈ ਪਰ ਉਹ ਇਸ ਨੂੰ ਲੈ ਕੇ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੇ। ਹਰਸਿਮਰਤ ਬਾਦਲ ਨੇ ਪੁੱਛਿਆ ਕਿ ਕੀ ਕੇਂਦਰ ਦੀ ਪੰਜਾਬ ਸਰਕਾਰ ਨਾਲ ਕੋਈ ਸਾਂਝ ਹੈ ਕਿਉਂਕਿ ਦਿੱਲੀ ਸਰਕਾਰ ਤੇ ਉਹ ਕਾਰਵਾਈ ਕਰ ਸਕਦੇ ਹਨ ਪਰ ਪੰਜਾਬ ਸਰਕਾਰ ‘ਤੇ ਕਿਉਂ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਘੱਟ ਗਿਣਤੀਆਂ ਨਾਲ ਹੋ ਰਹੇ ਵਿਤਕਰੇ ਬਾਰੇ ਵੀ ਮੁੱਦਾ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ – ਖਹਿਰਾ ਨੇ CM ਮਾਨ ਦੇ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਦਾਅਵੇ ਦੀ ਖੋਲ੍ਹੀ ਪੋਲ! SYL ਨਹਿਰ ਦਾ ਕੇਸ ਕਮਜ਼ੋਰ ਕਰਨ ਦੇ ਲਾਏ ਇਲਜ਼ਾਮ