ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਪੁਰਾਣੀ ਪਾਰਲੀਮੈਂਟ ਦੀ ਇਮਾਰਤ “9ਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਰਨ ਦੀ ਮੰਗ ਕੀਤੀ। ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਲਈ ਆਪਣਾ ਸੀਸ ਕੁਰਬਾਨ ਕਰਕੇ ਭਾਰਤ ਵਿੱਚ ਲੋਕਤੰਤਰ ਦੀ ਨੀਂਹ ਰੱਖੀ।
ਸੰਸਦ ਵਿਚ ਭਾਰਤੀ ਪਾਰਲੀਮਾਨੀ ਲੋਕਤੰਤਰ ਦੀ ਮੌਜੂਦਾ ਸਰੂਪ ’ਤੇ ਚਰਚਾ ਵਿਚ ਭਾਗ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹਨਾਂ ਵੇਖਿਆ ਹੈ ਕਿ 1984 ਵਿਚ ਕਿਵੇਂ ਘੱਟ ਗਿਣਤੀਆਂ ਤੇ ਧਾਰਮਿਕ ਘੱਟ ਗਿਣਤੀਆਂ ਦਾ ਕਤਲੇਆਮ ਹੋਇਆ। ਉਹਨਾਂ ਦੱਸਿਆ ਕਿ ਕਿਵੇਂ ਕਾਂਗਰਸ ਪਾਰਟੀ ਨੇ ਕੌਮੀ ਰਾਜਧਾਨੀ ਦੇ ਨਾਲ-ਨਾਲ ਦਸ਼ ਦੇ ਹੋਰ ਭਾਗਾਂ ਵਿਚ ਸਿੱਖਾਂ ਦਾ ਕਤਲੇਆਮ ਕਰਵਾ ਕੇ ਸਮੁੱਚੀ ਸਿੱਖ ਕੌਮ ਨੂੰ ਖਤਮ ਕਰਨ ਦਾ ਯਤਨ ਕੀਤਾ।
ਉਹਨਾਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟੈਂਕ ਤੇ ਤੋਪਾਂ ਭੇਜੀਆਂ ਤੇ ਉਹਨਾਂ ਨੂੰ ਤਬਾਹ ਕੀਤਾ।