The Khalas Tv Blog India ਪੰਜਾਬ ਤੇ ਹਰਿਆਣਾ ਦੀ ਲੜਾਈ ‘ਚ ਫਸਿਆ ਚੰਡੀਗੜ੍ਹ
India Punjab

ਪੰਜਾਬ ਤੇ ਹਰਿਆਣਾ ਦੀ ਲੜਾਈ ‘ਚ ਫਸਿਆ ਚੰਡੀਗੜ੍ਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਤਕਰਾਰ ਵੱਧਦਾ ਜਾ ਰਿਹਾ ਹੈ। ਹਰਿਆਣਾ ਨੇ ਚੰਡੀਗੜ੍ਹ ਮਾਮਲੇ ਉੱਤੇ 5 ਅਪ੍ਰੈਲ ਨੂੰ ਸਵੇਰੇ 11 ਵਜੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।

ਚੰਡੀਗੜ੍ਹ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਆਹਮੋ-ਸਾਹਮਣੇ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਚੰਡੀਗੜ੍ਹ ‘ਤੇ ਕਬਜ਼ੇ ਲਈ ਮਤਾ ਪਾਸ ਕਰਕੇ ਹਰਿਆਣਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੂੰ ਵੀ ਇਸ ਦੀ ਨਿੰਦਾ ਕਰਨੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਸੀ ਕਿ ਚੰਡੀਗੜ੍ਹ ਪੂਰੀ ਤਰ੍ਹਾਂ ਪੰਜਾਬ ਨੂੰ ਦਿੱਤਾ ਜਾਵੇ। ਮਾਨ ਦਾ ਤਰਕ ਹੈ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾ ਦਿੱਤਾ ਗਿਆ। ਪੰਜਾਬ ਚੰਡੀਗੜ੍ਹ ਦਾ ਮੂਲ ਰਾਜ ਹੈ, ਇਸ ਲਈ ਇਸ ‘ਤੇ ਸਾਡਾ ਹੱਕ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਰਾਜੀਵ-ਲੌਂਗੋਵਾਲ ਸਮਝੌਤੇ ਅਨੁਸਾਰ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ। ਜੇਕਰ ਪੰਜਾਬ ਸਰਕਾਰ ਕੁੱਝ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਮਸਲਾ ਹੱਲ ਕਰੇ। ਹਰਿਆਣਾ ਨੂੰ ਵੀ ਹਿੰਦੀ ਬੋਲਦੇ ਇਲਾਕੇ ਦਿੱਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ‘ਤੇ ਕੁੱਝ ਹੱਕ ਹਿਮਾਚਲ ਪ੍ਰਦੇਸ਼ ਦਾ ਵੀ ਹੈ।

ਦਰਅਸਲ, ਕੁੱਝ ਦਿਨ ਪਹਿਲਾਂ ਚੰਡੀਗੜ੍ਹ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ‘ਚ ਕੰਮ ਕਰਦੇ ਮੁਲਾਜ਼ਮਾਂ ‘ਤੇ ਕੇਂਦਰੀ ਸੇਵਾ ਨਿਯਮਾਂ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਸੈਸ਼ਨ ਬੁਲਾ ਕੇ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਪੰਜਾਬ ਨੂੰ ਦੇਣ ਦਾ ਪ੍ਰਸਤਾਵ ਪਾਸ ਕੀਤਾ ਹੈ। ਇਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ ਹੈ।

Exit mobile version