ਚੰਡੀਗੜ੍ਹ : ਸਤਲੁਜ ਯਮਨਾ ਲਿੰਕ ਨਹਿਰ(SYL) ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ(Manohar Lal Khattar) 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ। ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬਣਾਏ ਨਵੇਂ ਪ੍ਰੈੱਸ ਰੂਮ ਦਾ ਉਦਘਾਟਨ ਕਰਨ ਬਾਅਦ ਦੱਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰ ਦਾ ਕੋਈ ਮੰਤਰੀ ਜਾਂ ਅਧਿਕਾਰੀ ਹਾਜ਼ਰ ਨਹੀਂ ਹੋਵੇਗਾ, ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਕਰਕੇ ਐੱਸਵਾਈਐੱਲ(SYL) ਨਹਿਰ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।
6 ਸਤੰਬਰ ਨੂੰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪੰਜਾਬ ਤੇ ਹਰਿਆਣਾ ਵਿੱਚ ਇੱਕ ਮਹੀਨੇ ਦੇ ਅੰਦਰ-ਅੰਦਰ ਸਹਿਮਤੀ ਬਣਾਈ ਜਾਵੇ ਪਰ 1 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਹੁਣ ਤੱਕ ਇਸ ਮਾਮਲੇ ‘ਤੇ ਕੋਈ ਮੀਟਿੰਗ ਹੋਈ ਹੈ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਕੇਂਦਰ ਨੇ ਦੋਵਾਂ ਰਾਜਾਂ ਨੂੰ ਪੱਤਰ ਲਿਖਿਆ ਹੈ ਤੇ ਉਸ ਦਾ ਕੋਈ ਜਵਾਬ ਆਇਆ ਹੈ ਜਾਂ ਨਹੀਂ, ਇਸ ਬਾਰੇ ਅਜੇ ਕੁਝ ਪਤਾ ਨਹੀਂ। ਆਰਟੀਆਈ ਜ਼ਰੀਏ ਇਨ੍ਹਾਂ ਚਿੱਠੀ ਪੱਤਰਾਂ ਅਤੇ ਕੀ ਜਵਾਬ ਮਿਲੇ ਹਨ ਤੇ ਹੁਣ ਤੱਕ ਕੀ-ਕੀ ਕੰਮ ਹੋਏ ਹਨ, ਉਸ ਬਾਰੇ ਜਾਣਕਾਰੀ ਮੰਗੀ ਗਈ ਸੀ।
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਮਿਲ-ਬੈਠ ਕੇ ਮਸਲੇ ਦੇ ਹੱਲ਼ ਦੀ ਹਦਾਇਤ ਦਿੱਤੀ ਸੀ। ਦੱਸ ਦਈਏ ਕਿ ਸੁਪਰੀਮ ਕੋਰਟ ’ਚ ਲੰਘੇ ਦਿਨੀਂ ਐਸਵਾਈਐਲ ਦੇ ਮੁੱਦੇ ’ਤੇ ਸੁਣਵਾਈ ਹੋਈ ਸੀ ਅਤੇ ਕੋਰਟ ਨੇ ਕੇਂਦਰੀ ਜਲ ਸਰੋਤ ਮੰਤਰਾਲੇ ਨੂੰ ਇਸ ਦਾ ਹੱਲ ਕੱਢਣ ਲਈ ਕਿਹਾ ਸੀ। ਜਿਸ ਦੌਰਾਨ ਕੇਂਦਰ ਨੇ ਆਰੋਪ ਲਗਾਇਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ’ਚ ਮੀਟਿੰਗ ਦੇ ਲਈ ਸਮਾਂ ਨਹੀਂ ਦੇ ਰਹੇ। ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਇਸ ਮਸਲੇ ਦਾ ਹੱਲ ਕੱਢੇ, ਕਿਉਂਕਿ ਪੰਜਾਬ ਅਤੇ ਹਰਿਆਣਾ ਦੋਵੇਂ ਸੂਬਿਆਂ ਨੂੰ ਪਾਣੀ ਦੀ ਜ਼ਰੂਰਤ ਹੈ।
ਐਸਵਾਈਐਲ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿਚ ਅਗਲੀ ਸੁਣਵਾਈ 19 ਜਨਵਰੀ 2023 ਨੂੰ ਹੋਣੀ ਹੈ। ਜਿਸ ਤੋਂ ਪਹਿਲਾਂ-ਪਹਿਲਾਂ ਦੋਵੇਂ ਰਾਜਾਂ ਨੂੰ ਆਪਸ ਵਿਚ ਚਰਚ ਕਰਨ ਅਤੇ ਇਸ ਦੀ ਰਿਪੋਰਟ ਸੁਪਰੀਮ ਕੋਰਟ ਵਿਚ ਦਾਖਲ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਉਤੇ ਸਹਿਯੋਗ ਨਾ ਦੇਣ ਦਾ ਦੋਸ਼ ਵੀ ਲਾਇਆ ਗਿਆ ਸੀ। ਹੁਣ ਦੋਵਾਂ ਸੂਬਿਆਂ ਨੇ ਮਿਲ ਕੇ ਹੱਲ ਕੱਢਣ ਵੱਲ ਕਦਮ ਵਧਾਇਆ ਹੈ।