‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਝੱਜਰ ਵਿੱਚ ਕਿਸਾਨਾਂ ਵੱਲੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਵਿਰੋਧ ਕੀਤਾ ਗਿਆ ਹੈ। ਚੌਟਾਲਾ ਇੱਥੋਂ ਦੇ ਇੱਕ ਸਰਕਾਰੀ ਪੋਸਟ-ਗ੍ਰੈਜੂਏਟ ਨਹਿਰੂ ਕਾਲਜ ਵਿੱਚ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਜਦੋਂ ਕਿਸਾਨਾਂ ਨੂੰ ਚੌਟਾਲਾ ਦੇ ਆਉਣ ਬਾਰੇ ਪਤਾ ਲੱਗਾ ਤਾਂ ਵੱਡੀ ਗਿਣਤੀ ‘ਚ ਕਿਸਾਨ ਕਿਸਾਨ ਝੱਜਰ ਨਹਿਰੂ ਕਾਲਜ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਪਹੁੰਚੇ ਸਨ। ਇੱਥੋਂ ਤੱਕ ਕਿ ਪੁਲਿਸ ਵਾਲੇ ਵੀ ਉਨ੍ਹਾਂ ਨੂੰ ਰੋਕ ਨਹੀਂ ਸਕੀ। ਪ੍ਰਦਰਸ਼ਨਕਾਰੀਆਂ ਵਿੱਚ ਔਰਤਾਂ ਵੀ ਸ਼ਾਮਿਲ ਹਨ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ।
ਕਿਸਾਨਾਂ ਨੇ ਕਾਲਜ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਟਾਉਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ। ਕਿਸਾਨਾਂ ਨੇ ਕਾਲੇ ਝੰਡੇ ਦਿਖਾਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਇਨ੍ਹਾਂ ਕਿਸਾਨਾਂ ਨੂੰ ਰੋਡਵੇਜ਼ ਦੀਆਂ ਬੱਸਾਂ ਵਿੱਚ ਬਿਠਾਇਆ ਗਿਆ ਸੀ। ਇਸ ਦੇ ਨਾਲ ਹੀ ਝੱਜਰ ਦੇ ਡੀਸੀ ਸ਼ਿਆਮ ਲਾਲ ਪੁਨੀਆ ਨੇ ਦੱਸਿਆ ਕਿ ਸਿਰਫ 15 ਕਿਸਾਨਾਂ ਨੂੰ ਹੀ ਸ਼ਾਂਤਮਈ ਪ੍ਰਦਰਸ਼ਨ ਦੀ ਆਗਿਆ ਸੀ। ਪਰ ਵੱਡੀ ਗਿਣਤੀ ਵਿੱਚ ਕਿਸਾਨ ਵਿਰੋਧ ਕਰਨ ਪਹੁੰਚ ਗਏ। ਵਿਰੋਧ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ, ਉਪ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣ ਦੀ ਬਜਾਏ ਇੱਥੇ ਮੀਟਿੰਗ ਕਰਨ ਲਈ ਆਏ ਹਨ।