‘ਦ ਖ਼ਾਲਸ ਬਿਊਰੋ : ਭਾਜਪਾ ਆਗੂ ਅਤੇ ਟਿਕ ਟੌਕ ਸਟਾਰ ਰਹੀ ਸੋਨਾਲੀ ਫੋਗਾਟ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਜਾਣਕਾਰੀ ਮਤਾਬਿਕ ਸੋਨਾਲੀ ਦੀ ਬੇਟੀ ਯਸ਼ੋਧਰਾ ਅਤੇ ਪਰਿਵਾਰ ਨੇ ਬੀਤੀ ਰਾਤ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਸੀਬੀਆਈ ਜਾਂਚ ਲਈ ਲਿਖਤੀ ਮੰਗ ਕੀਤੀ। ਮੁੱਖ ਮੰਤਰੀ ਖੱਟਰ ਵੱਲੋਂ ਸੋਨਾਲੀ ਫੋਗਾਟ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਕਿ ਗੋਆ ਸਰਕਾਰ ਨੂੰ ਪੱਤਰ ਰਾਹੀਂ ਬੇਨਤੀ ਕੀਤੀ ਜਾਵੇਗੀ ਕਿ ਸੋਨਾਲੀ ਦੀ ਮੌਤ ਦਾ ਮਾਮਲਾ ਸੀਬੀਆਈ ਨੂੰ ਸੌਂਪਿਆ ਜਾਵੇ। ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ ਅਤੇ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।
ਸੋਨਾਲੀ ਫੋਗਾਟ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦੇ ਹੋਏ ਮੁੱਖ ਮੰਤਰੀ ਨੇ ਸੋਨਾਲੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਨੂੰ ਦਿਲਾਸਾ ਦਿੱਤਾ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ ਅਤੇ ਸਰਕਾਰ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਇਹ ਪੱਤਰ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀ ਤਰਫੋਂ ਗੋਆ ਸਰਕਾਰ ਨੂੰ ਭੇਜਿਆ ਜਾਵੇਗਾ। ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਪਰਿਵਾਰ ਨੇ ਤਸੱਲੀ ਪ੍ਰਗਟਾਈ। ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਵੀ. ਉਮਾਸ਼ੰਕਰ ਅਤੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀ.ਵੀ.ਐੱਸ.ਐੱਨ. ਪ੍ਰਸਾਦ ਮੌਜੂਦ ਸਨ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੇਟੀ ਯਸ਼ੋਦਰਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਸੀਬੀਆਈ ਜਾਂਚ ਲਈ ਸੀਐਮ ਨਾਲ ਗੱਲ ਕੀਤੀ ਹੈ, ਜੇਕਰ ਸੀਬੀਆਈ ਜਾਂਚ ਹੋਵੇਗੀ ਤਾਂ ਖੁੱਲ੍ਹ ਕੇ ਪਤਾ ਲੱਗੇਗਾ। ਇਸ ਕਤਲ ਵਿੱਚ ਵੱਡੇ ਲੋਕ ਸ਼ਾਮਲ ਹਨ ਜਾਂ ਨਹੀਂ ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।