‘ਦ ਖ਼ਾਲਸ ਬਿਊਰੋ :- ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ ਵਧਾ ਦਿੱਤਾ ਹੈ। ਗੰਨੇ ਦੇ ਭਾਅ ਵਿੱਚ 12 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ। ਹਰਿਆਣਾ ਵਿੱਚ ਹੁਣ 362 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਰੇਟ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਹੈ। ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਕਿਹਾ ਕਿ ਹਰਿਆਣਾ ਵਿੱਚ ਗੰਨੇ ਦੀ ਕੀਮਤ ਸਾਰੇ ਦੇਸ਼ ਵਿੱਚ ਸਭ ਤੋਂ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿੱਚ ਗੰਨੇ ਦਾ ਰੇਟ 310 ਰੁਪਏ ਪ੍ਰਤੀ ਕੁਇੰਟਲ ਹੈ। ਚੋਣਾਂ ਨੇੜੇ ਆਉਣ ਦੇ ਕਰਕੇ ਪੰਜਾਬ ਨੇ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤਾ ਹੈ। ਹਰਿਆਣਾ ਵਿੱਚ ਗੰਨੇ ਦਾ ਰੇਟ 350 ਰੁਪਏ ਪ੍ਰਤੀ ਕੁਇੰਟਲ ਸੀ, ਜੋ ਕਿ ਹੁਣ ਵਧਾ ਕੇ 362 ਰੁਪਏ ਕੁਇੰਟਲ ਕਰ ਦਿੱਤਾ ਹੈ। ਦਲਾਲ ਨੇ ਕਿਹਾ ਕਿ ਜਦੋਂ ਪੰਜਾਬ ਨੇ ਗੰਨੇ ਦਾ ਰੇਟ ਵਧਾਇਆ ਸੀ ਤਾਂ ਕਿਸਾਨ ਲੀਡਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਮਠਿਆਈ ਨਾਲ ਮੂੰਹ ਮਿੱਠਾ ਕਰਵਾਇਆ ਸੀ। ਹੁਣ ਕਿਸਾਨ ਲੀਡਰਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਦਾ ਵੀ ਮਠਿਆਈ ਦੇ ਨਾਲ ਮੂੰਹ ਮਿੱਠਾ ਕਰਵਾਉਣ ਲਈ ਆਉਣਾ ਚਾਹੀਦਾ ਹੈ। ਜਿਹੜੇ ਲੋਕ ਕਿਸਾਨਾਂ ਦੇ ਨਾਂ ‘ਤੇ ਰਾਜਨੀਤੀ ਖੇਡਣ ਦੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਨੂੰ ਘੱਟੋ ਘੱਟ ਇੱਕ ਵਾਰ ਸਾਡੇ ਮੁੱਖ ਮੰਤਰੀ (ਐਮ ਐਲ ਖੱਟਰ) ਨੂੰ ਗੰਨੇ ਦੇ ਰੇਟ ਵਧਾਉਣ ਲਈ ਮਠਿਆਈ ਭੇਟ ਕਰਨੀ ਚਾਹੀਦੀ ਹੈ, ਜੋ ਕਿ ਹੁਣ ਦੇਸ਼ ਵਿੱਚ ਸਭ ਤੋਂ ਵੱਧ ਹੈ।
Comments are closed.