India Khetibadi Punjab

ਹਰਿਆਣਾ ਪੁਲਿਸ ਦੀ ਕਾਰਵਾਈ; ਕਿਸਾਨਾਂ ‘ਤੇ NSA ਲਗਾਉਣ ਦੀ ਤਿਆਰੀ, ਜਾਇਦਾਦਾਂ ਕੁਰਕ, ਬੈਂਕ ਖਾਤੇ ਜ਼ਬਤ..

Haryana Police prepared to impose NSA on farmer leaders and protesters

ਹਰਿਆਣਾ ਪੁਲਿਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਦੇਰ ਰਾਤ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਪੁਲਿਸ ਨੇ ਕਿਹਾ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਵੱਲੋਂ ਹੀ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਬੈਂਕ ਖਾਤੇ ਜ਼ਬਤ ਕੀਤੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਉਰਿਟੀ ਐਕਟ (NSA), 1980 ਦੇ ਤਹਿਤ ਸੂਬੇ ਦੀ ਸਰਹੱਦ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਸ਼ਾਮਲ ਕਿਸਾਨ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ। ਇਕ ਅਧਿਕਾਰਤ ਬਿਆਨ ਮੁਤਾਬਕ, ਅੰਬਾਲਾ ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ 13 ਫ਼ਰਵਰੀ ਤੋਂ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡਸ ਤੋੜਣ ਲਈ ਕਿਸਾਨ ਸੰਗਠਨਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਅੰਬਾਲਾ ਪੁਲਿਸ ਦੇ ਟਵਿਟਰ ਉੱਤੇ ਅਧਿਕਾਰਤ ਹੈਂਡਲ ਵੱਲੋਂ ਕਿਹਾ ਗਿਆ, “ਰੋਜ਼ਾਨਾ ਪੁਲਿਸ ਪ੍ਰਸ਼ਾਸਨ ‘ਤੇ ਪਥਰਾਅ ਤੇ ਹੰਗਾਮਾ ਕਰ ਕਾਨੂੰਨ ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਗਿਆ ਹੈ। ਅੰਦੋਲਨਕਾਰੀਆਂ ਵੱਲੋਂ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਪਹੁੰਚਾਏ ਗਏ ਨੁਕਸਾਨ ਦਾ ਹਿਸਾਬ ਕੀਤਾ ਜਾ ਰਿਹਾ ਹੈ।

ਪ੍ਰਸ਼ਾਸਨ ਨੇ ਇਸ ਸਬੰਧੀ ਆਮ ਜਨਤਾ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜੇਕਰ ਇਸ ਅੰਦੋਲਨ ਦੌਰਾਨ ਅੰਦੋਲਨਕਾਰੀਆਂ ਨੇ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਤਾਂ ਉਨ੍ਹਾਂ ਦੀ ਜਾਇਦਾਦ ਤੇ ਬੈਂਕ ਖਾਤੇ ਜ਼ਬਤ ਕਰ ਕੇ ਇਸ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।”

“ਇਸ ਸਬੰਧ ਵਿਚ, ਪ੍ਰਸ਼ਾਸਨ ਵੱਲੋਂ ਅੰਦੋਲਨਕਾਰੀਆਂ ਅਤੇ ਕਿਸਾਨ ਯੂਨੀਅਨਾਂ ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਅੰਦੋਲਨ ਦੌਰਾਨ ਜੇਕਰ ਕਿਸੇ ਆਮ ਵਿਅਕਤੀ ਨੂੰ ਕੋਈ ਜਾਨੀ-ਮਾਲੀ ਨੁਕਸਾਨ ਹੋਇਆ ਹੈ ਤਾਂ ਉਹ ਪ੍ਰਸ਼ਾਸਨ ਨੂੰ ਨੁਕਸਾਨ ਦਾ ਵੇਰਵਾ ਦੇ ਸਕਦਾ ਹੈ।” ਪੁਲਿਸ ਨੇ ਦੱਸਿਆ ਕਿ ਕਿਸਾਨ ਯੂਨੀਅਨਾਂ ਦੇ ਮੁੱਖ ਅਧਿਕਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (NSA) 1980 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਸ ਸਰਕਾਰੀ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ।

ਦੱਸ ਦੇਈਏ ਕਿ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਸਾਲਾ ਸ਼ੁਭਕਰਨ ਦੀ ਮੌਤ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਦੇਸ਼ ਭਰ ‘ਚ ਕਿਸਾਨ ਕਾਲਾ ਦਿਵਸ ਮਨਾਉਣਗੇ। ਇਹ ਫ਼ੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਵੀਰਵਾਰ ਨੂੰ ਸਾਢੇ 4 ਘੰਟੇ ਤੱਕ ਚੱਲੀ ਮੀਟਿੰਗ ਤੋਂ ਬਾਅਦ ਲਿਆ ਗਿਆ। ਇਸ ਵਿੱਚ 100 ਕਿਸਾਨ ਜਥੇਬੰਦੀਆਂ ਨੇ ਭਾਗ ਲਿਆ। 26 ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਅਤੇ 14 ਮਾਰਚ ਨੂੰ ਦਿੱਲੀ ਵਿੱਚ ਮਹਾਂਪੰਚਾਇਤ ਕਰਨ ਲਈ ਸਹਿਮਤੀ ਪ੍ਰਗਟਾਈ।