India Khetibadi Punjab

ਹਰਿਆਣਾ ’ਚ ਸ਼ੰਭੂ ਬਾਰਡਰ ਖੁਲ੍ਹਵਾਉਣ ਦੀ ਉੱਠੀ ਮੰਗ! ਟਰਾਂਸਪੋਰਟ ਮੰਤਰੀ ਨੇ ਕੇਂਦਰੀ ਖੇਤੀ ਮੰਤਰੀ ਨਾਲ ਕੀਤੀ ਮੁਲਾਕਾਤ

ਬਿਉਰੋ ਰਿਪੋਰਟ: ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ’ਤੇ ਮੋਰਚਾ ਲਾ ਕੇ ਬੈਠੇ ਹਨ ਜਿਸ ਨੂੰ ਲੈ ਕੇ ਹੁਣ ਹਰਿਆਣਾ ਵਿੱਚ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਉੱਠਣ ਲੱਗੀ ਹੈ। ਇਸ ਨੂੰ ਲੈ ਕੇ ਹਰਿਆਣਾ ਦੇ ਟਰਾਂਸਪੋਰਟ ਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਅਸੀਮ ਗੋਇਲ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅੰਬਾਲਾ ਜ਼ਿਲ੍ਹੇ ਦੀ ਸਰਹੱਦ ’ਤੇ ਸ਼ੰਭੂ ਵਿਖੇ ਹੜਤਾਲ ’ਤੇ ਬੈਠੇ ਕਿਸਾਨਾਂ ਨੂੰ ਮਨਾ ਕੇ ਸਰਹੱਦ ਖੋਲ੍ਹਣ ਦੀ ਮੰਗ ਕੀਤੀ ਹੈ।

ਅਸੀਮ ਗੋਇਲ ਨੇ ਦੱਸਿਆ ਕਿ ਕਿਸਾਨਾਂ ਨੇ ਕਰੀਬ ਸਾਢੇ ਪੰਜ ਮਹੀਨੇ ਪਹਿਲਾਂ ਅੰਬਾਲਾ ਜ਼ਿਲ੍ਹੇ ਦੀ ਸਰਹੱਦ ’ਤੇ ਪੈਂਦੇ ਪਿੰਡ ਸ਼ੰਭੂ ਨੇੜੇ ਆਪਣਾ ਅੰਦੋਲਨ ਸ਼ੁਰੂ ਕੀਤਾ ਸੀ ਅਤੇ ਸਰਹੱਦ ’ਤੇ ਆਵਾਜਾਈ ਰੋਕ ਦਿੱਤੀ ਸੀ। ਉਦੋਂ ਤੋਂ ਹੁਣ ਤੱਕ ਇਹ ਸਰਹੱਦ ਬੰਦ ਹੈ, ਜਿਸ ਕਾਰਨ ਆਮ ਲੋਕਾਂ ਅਤੇ ਖ਼ਸ ਕਰਕੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਕਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸਰਹੱਦ ਖੋਲ੍ਹਣ ਲਈ ਮਨਾਵੇ। ਇਸ ਨਾਲ ਜਿੱਥੇ ਆਸ-ਪਾਸ ਦੇ ਲੋਕਾਂ ਨੂੰ ਰਾਹਤ ਮਿਲੇਗੀ, ਉੱਥੇ ਹੀ ਇਸ ਨਾਲ ਕਾਰੋਬਾਰੀਆਂ ਨੂੰ ਆਪਣਾ ਕੰਮ ਕਰਨਾ ਵੀ ਆਸਾਨ ਹੋ ਜਾਵੇਗਾ।

ਜਣਕਾਰੀ ਮੁਤਾਬਕ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਰਾਂਸਪੋਰਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਇਸ ਮੁੱਦੇ ਨੂੰ ਲੈ ਕੇ ਗੰਭੀਰ ਹੈ ਅਤੇ ਜਲਦੀ ਹੀ ਕੋਈ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ – ਹਾਥਰਸ ਹਾਦਸੇ ‘ਤੇ CM ਯੋਗੀ ਨੇ ਕਿਹਾ- ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ