Punjab

ਬਨੂੜ ਨੇੜੇ ਵਾਪਰੇ ਹਾਦਸੇ ‘ਚ ਜ਼ਖ਼ਮੀਆਂ ਦਾ ਸਿਹਤ ਮੰਤਰੀ ਨੇ ਜਾਣਿਆ ਹਾਲ

ਦੋ ਦਿਨ ਪਹਿਲਾਂ ਬਨੂੜ ਨੇੜਲੇ ਪਿੰਡ ਉੜਦਣ ਨੇੜੇ ਹੋਏ ਸੜਕ ਹਾਦਸੇ ਵਿੱਚ 3 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋਏ ਸਨ, ਜਿਸ ਤੋਂ ਬਾਅਦ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜ ਕੇ ਜ਼ਖ਼ਮੀਆਂ ਦਾ ਹਾਲ ਚਾਲ ਜਾਣਿਆ ਗਿਆ।

ਦੱਸ ਦੇਈਏ ਕਿ ਇਹ ਸ਼ਰਧਾਲੂ ਹੁਸ਼ਿਆਰਪੁਰ ਦੇ ਗੁਰਦੁਆਰਾ ਚਰਨ ਗੰਗਾ ਸਾਹਿਬ ਖੁਰਾਲਗੜ੍ਹ ਵਿਖੇ ਧਾਰਮਿਕ ਸਮਾਗਮ ਤੋਂ ਵਾਪਸ ਆ ਰਹੇ ਸਨ ਅਤੇ ਰਸਤੇ ਵਿੱਚ ਉਨ੍ਹਾਂ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਸਰਧਾਲੂ ਜ਼ਖ਼ਮੀ ਹੋਏ ਸਨ।

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਇਨ੍ਹਾਂ ਸ਼ਰਧਾਲੂਆਂ ਦੇ ਦੁੱਖ ਵਿਚ ਸ਼ਰੀਕ ਹੈ। ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਡਾਕਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਮੁਫਤ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਪੀ.ਜੀ.ਆਈ.ਚੰਡੀਗੜ੍ਹ ਅਤੇ ਨੀਲਮ ਹਸਪਤਾਲ ਰਾਜਪੁਰਾ ਵਿਖੇ ਦਾਖਲ ਪਿੰਡ ਉੜਦਣ ਦੇ ਕੁਝ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਉਥੋਂ ਦੇ ਡਾਕਟਰਾਂ ਨਾਲ ਵੀ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਕਿਹਾ।

ਇਹ ਵੀ ਪੜ੍ਹੋ – POCSO ਮਾਮਲੇ ‘ਚ ਯੇਦੀਯੁਰੱਪਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ