ਦਿੱਲੀ : ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਦਾ ਸਮਾਂ ਮਿਲ ਗਿਆ ਹੈ। ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਦੇਣ ਲਈ ਹੋਰ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 6 ਜਨਵਰੀ ਦਿਨ ਸੋਮਵਾਰ ਤੱਕ ਦਾ ਹੋਰ ਸਮਾਂ ਦੇ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸੋਮਵਾਰ ਤੱਕ ਪਾਲਣਾ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਡੱਲੇਵਾਲ ਨੂੰ ਕਿਉਂ ਨਹੀਂ ਸਮਝਾ ਪਾ ਰਹੀ ਕਿ ਹਸਪਤਾਲ ’ਚ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ
ਇਸਦੇ ਨਾਲ ਕੋਰਟ ਨੇ ਕਿਸਾਨਾਂ ’ਤੇ ਸਖ਼ਤ ਟਿਪਣੀਆਂ ਕੀਤੀਆਂ ਹਨ। ਕੋਰਟ ਨੇ ਕਿਹਾ ਕਿ ਕੁਝ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਕੋਰਟ ਨੇ ਕਿਹਾ ਕਿ ਸਾਨੂੰ ਅਜਿਹੇ ਕਿਸਾਨ ਆਗੂਆਂ ਦੇ ਇਰਾਦਿਆਂ ਬਾਰੇ ਪਤਾ ਹੈ।
ਪਹਿਲਾਂ ਵੀ ਮਿਲਿਆ ਸੀ 3 ਦਿਨ ਦਾ ਸਮਾਂ
ਇਸ ਤੋਂ ਪਹਿਲਾਂ 30 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ 3 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਇਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਪੀਲ ਨੂੰ ਕੋਰਟ ਨੇ ਸਵੀਕਾਰ ਕਰ ਲਿਆ ਸੀ।